
ਫਾਜ਼ਿਲਕਾ,06 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਵੱਲੋਂ ਹਾਲ ਹੀ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀ ਗਈ ਕਣਕ ਦੀ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਪਾਕਾ ਪਿੰਡ ਤੋ ਇਲਾਵਾਂ ਆਸ ਪਾਸ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਮੌਕੇ ‘ਤੇ ਨੁਕਸਾਨ ਦੀ ਸਥਿਤੀ ਦਾ ਅੰਦਾਜ਼ਾ ਲਾਇਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਰਦਾਵਰੀ ਦੀ ਕਾਰਵਾਈ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵੱਲੋਂ ਹਰ ਪਿੰਡ ਵਿੱਚ ਜਾ ਕੇ ਨੁਕਸਾਨ ਦੀ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਮੁਆਵਜ਼ਾ ਜਾਰੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਪ੍ਰਭਾਵਿਤ ਕਿਸਾਨ ਨਾਲ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਯੋਗ ਕਿਸਾਨ ਤੱਕ ਮਦਦ ਪਹੁੰਚੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ