
ਜਲੰਧਰ, 06 ਅਪ੍ਰੈਲ (ਹਿੰ.ਸ.)|
ਜਲੰਧਰ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਪਿਛਲੇ ਕੁਝ ਸਮੇਂ ਤੋਂ ਲਗਾਤਾਰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਹਰ ਵਾਰ ਸਕੂਲਾਂ ਨੂੰ ਖਾਲੀ ਕਰਵਾਉਣਾ ਪੈਂਦਾ ਹੈ ਅਤੇ ਬੱਚਿਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਡਰ ਦਾ ਮਾਹੌਲ ਬਣ ਜਾਂਦਾ ਹੈ।
ਤਾਜ਼ਾ ਮਾਮਲੇ ਵਿੱਚ ਸੋਮਵਾਰ ਨੂੰ ਜਲੰਧਰ ਦੇ ਤਿੰਨ ਪ੍ਰਸਿੱਧ ਸਕੂਲਾਂ ਡਿਪਸ ਸਕੂਲ, ਐਮਜੀਐਨ ਸਕੂਲ ਅਤੇ ਮੇਅਰ ਵਰਲਡ ਸਕੂਲ ਨੂੰ ਧਮਕੀ ਭਰੀਆਂ ਈਮੇਲਾਂ ਭੇਜੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ, ਈਮੇਲ ਵਿੱਚ ਸਕੂਲਾਂ ਵਿੱਚ ਬਲਾਸਟ ਕਰਨ ਦੀ ਗੱਲ ਲਿਖੀ ਗਈ ਸੀ ਅਤੇ ਕੁਝ ਹੋਰ ਭੜਕਾਊ ਸੁਨੇਹੇ ਵੀ ਦਰਜ ਕੀਤੇ ਗਏ ਸਨ, ਜਿਸ ਨਾਲ ਸਥਿਤੀ ਹੋਰ ਗੰਭੀਰ ਹੋ ਗਈ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕਰ ਦਿੱਤੇ ਹਨ ਅਤੇ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਈਮੇਲ ਦੇ ਸਰੋਤ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਕਾਫੀ ਡਰ ਅਤੇ ਚਿੰਤਾ ਦੇਖਣ ਨੂੰ ਮਿਲ ਰਹੀ ਹੈ। ਕਈ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ ਅਤੇ ਸਕੂਲ ਪ੍ਰਬੰਧਕਾਂ ਤੋਂ ਸਪਸ਼ਟੀਕਰਨ ਮੰਗ ਰਹੇ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਸ਼ਾਂਤੀ ਬਣਾਈ ਰੱਖੀ ਜਾਵੇ। ਪਿਛਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਸਾਹਮਣੇ ਆਈਆਂ ਹਨ, ਪਰ ਜ਼ਿਆਦਾਤਰ ਮਾਮਲਿਆਂ ਵਿੱਚ ਇਹ ਝੂਠੀਆਂ ਸਾਬਤ ਹੋਈਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH