
ਭੁੱਚੋ ਮੰਡੀ/ਬਠਿੰਡਾ, 06 ਅਪ੍ਰੈਲ (ਹਿੰ.ਸ.)। ਹਲਕਾ ਭੁੱਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਅੱਜ ਵਿਰੋਧੀ ਧਿਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਲਫ਼ਜ਼ਾਂ ਦੀ ਰਾਜਨੀਤੀ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਨ ਲਈ ਵਚਨਬੱਧ ਹੈ।ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਹਾਲੀਆ ਹਲਕਾ ਦੌਰੇ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਮੁੱਦਿਆਂ ‘ਤੇ ਸਿਰਫ਼ ਸਿਆਸਤ ਚਮਕਾਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਅਕਾਲੀ ਦਲ ਨੇ ਅਮਲੀ ਰੂਪ ਵਿੱਚ ਕਿਸਾਨਾਂ ਦੇ ਹਿੱਤ ਲਈ ਕਦੇ ਕੁਝ ਨਹੀਂ ਕੀਤਾ, ਜਦਕਿ ‘ਆਪ’ ਸਰਕਾਰ ਕਿਸਾਨਾਂ ਦੇ ਹਰ ਦੁੱਖ-ਸੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਆਪਣੀ ਟੀਮ ਸਮੇਤ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਲਕੇ ਵਿੱਚ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਗੰਭੀਰ ਮੁੱਦੇ ਬਾਰੇ ਮੁੱਖ ਮੰਤਰੀ ਨੂੰ ਵਿਸਤਾਰ ਵਿੱਚ ਜਾਣੂ ਕਰਵਾਇਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ