
ਮੋਹਾਲੀ, 06 ਅਪ੍ਰੈਲ (ਹਿੰ.ਸ.)। ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਬੀਤੀ ਰਾਤ ਮੋਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੋਹਾਲੀ ਸ਼ਹਿਰ ਦੇ ਵਿਕਾਸ ਸਬੰਧੀ ਆਯੋਜਿਤ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮੀਟਿੰਗ 'ਚ ਸ਼ਮੂਲੀਅਤ ਕੀਤੀ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਮੋਹਾਲੀ ਸ਼ਹਿਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਹਲਕਾ ਮੋਹਾਲੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਸ਼ਹਿਰ ਦੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਤੋਂ ਇਲਾਵਾ ਮੌਜੂਦਾ ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਇਸ ਦੌਰਾਨ ਮੋਹਾਲੀ ਦੇ ਵਿਕਾਸ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਬਿਜਲੀ, ਪਾਣੀ ਸਪਲਾਈ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ ‘ਤੇ ਵੀ ਗੰਭੀਰ ਚਰਚਾ ਹੋਈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇਹਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਹਨ੍ਹਾਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਮੋਹਾਲੀ ਨੂੰ ਆਧੁਨਿਕ ਤੇ ਸੁੰਦਰ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਯਾਤਰਾ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਹਰ ਬੂਥ ਤੋਂ ਹੋਰ ਵੀ ਦੋ ਬੱਸਾਂ ਯਾਤਰਾ ਲਈ ਭੇਜਣ ਦੀ ਯੋਜਨਾ ਹੈ। ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਬਾਲ ਰਾਮ ਤੀਰਥ (ਵਾਲਮੀਕਿ ਤੀਰਥ) ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਦੇ ਹਨ, ਜਦਕਿ ਵਾਪਸੀ ਦੌਰਾਨ ਵਾਘਾ ਬਾਰਡਰ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ