
ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਦਫ਼ਤਰਾਂ ‘ਤੇ ਹਮਲੇ ਵਰਗੀਆਂ ਕਾਇਰਾਨਾ ਹਰਕਤਾਂ ਕਰ ਰਹੀਆਂ ਹਨ, ਪਰ ਇਸ ਨਾਲ ਪਾਰਟੀ ਦੇ ਹੌਸਲੇ ਨਹੀਂ ਟੁੱਟਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਆਪਣੇ “ਨਵੇਂ ਪੰਜਾਬ” ਦੇ ਵਿਜ਼ਨ ਨਾਲ ਡੱਟ ਕੇ ਅੱਗੇ ਵੱਧ ਰਹੀ ਹੈ।
ਪਾਰਟੀ ਹੈਡਕੁਆਰਟਰ ਵਿਖੇ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਿੱਚ ਪਾਰਟੀ ਪ੍ਰਤੀ ਫੈਲਾਏ ਗਏ ਭਰਮ ਟੁੱਟ ਰਹੇ ਹਨ ਅਤੇ ਵੱਖ-ਵੱਖ ਵਰਗਾਂ ਦੇ ਲੋਕ ਤੇਜ਼ੀ ਨਾਲ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਸੂਬੇ ਵਿੱਚ ਵਧ ਰਹੇ ਨਸ਼ੇ ਅਤੇ ਗੈਂਗਸਟਰਵਾਦ ‘ਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਇਹ ਪੰਜਾਬ ਲਈ ਸਭ ਤੋਂ ਵੱਡੀ ਚੁਣੌਤੀ ਬਣ ਚੁੱਕੀ ਹੈ। ਜਾਖੜ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਵੱਲੋਂ ਨਸ਼ਿਆਂ ਵਿਰੁੱਧ ਚਲਾਏ ਗਏ ਅਭਿਆਨਾਂ ਦੇ ਬਾਵਜੂਦ ਕੋਈ ਢੰਗ ਦਾ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਪੁੱਛਿਆ ਕਿ ਜੇ ਪੂਰੇ ਥਾਣੇ ਦੀ ਬਦਲੀ ਕਰਨੀ ਪੈ ਰਹੀ ਹੈ, ਤਾਂ ਕੀ ਇਹ ਸਮੱਸਿਆ ਦਾ ਹੱਲ ਹੈ ਜਾਂ ਸਰਕਾਰ ਦੀ ਨਾਕਾਮੀ ਦਾ ਸਬੂਤ।
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਨਿਵੇਸ਼ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਮ ਪ੍ਰੋਜੈਕਟਾਂ ਲਈ ਵੀ ਪੁਰਾਣੀਆਂ ਕੰਪਨੀਆਂ ‘ਤੇ ਨਿਰਭਰਤਾ ਜਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇ ਪਿਛਲੀ ਸਰਕਾਰ ਦੇ ਸਮੇਂ ਘਪਲੇ ਦੇ ਦੋਸ਼ ਲਗਾਏ ਗਏ ਸਨ ਤਾਂ ਅਜੇ ਤੱਕ ਜਾਂਚ ਕਿਉਂ ਨਹੀਂ ਕਰਵਾਈ ਗਈ।
ਕਿਸਾਨਾਂ ਦੇ ਮਾਮਲੇ ‘ਤੇ ਬੋਲਦੇ ਹੋਏ ਜਾਖੜ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਦੇ ਬਾਵਜੂਦ ਸਰਕਾਰ ਵੱਲੋਂ ਸਮੇਂ ਸਿਰ ਮਦਦ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਰਾਜ ਦੇ ਕੋਲ ਆਫ਼ਤ ਰਾਹਤ ਫੰਡ ਵਿੱਚ ਵੱਡੀ ਰਕਮ ਮੌਜੂਦ ਹੈ, ਤਾਂ ਫਿਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ।
ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਬਾਰੇ ਆਪਣੀ ਰਾਏ ਦਿੰਦਿਆਂ ਕਿਹਾ ਕਿ ਸਰਕਾਰ ਨੇ ਇਹ ਕਾਨੂੰਨ ਲਿਆਉਣ ਵਿੱਚ ਦੇਰੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਾਨੂੰਨ ਦੇ ਦਾਇਰੇ ਵਿੱਚ ਮੰਦਰਾਂ ਵਿੱਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਸਥਾਪਿਤ ਮੂਰਤੀਆਂ ਦੀ ਬੇਅਦਬੀ ਕਰਨ ਵਾਲਿਆਂ ਲਈ ਵੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਕੀਤਾ ਜਾਵੇ।
ਸਮਾਗਮ ਵਿੱਚ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਂਸਦ ਸਤਨਾਮ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਸਮੇਤ ਹੋਰ ਆਗੂ ਵੀ ਮੌਜੂਦ ਸਨ। ਭਾਜਪਾ ਨੇ ਇਸ ਮੌਕੇ ਆਪਣੇ ਸਿਧਾਂਤਾਂ ਅਤੇ ਭਵਿੱਖੀ ਯੋਜਨਾਵਾਂ ਨੂੰ ਲੈ ਕੇ ਨਵਾਂ ਸੰਕਲਪ ਵੀ ਦੁਹਰਾਇਆ।
ਹਿੰਦੂਸਥਾਨ ਸਮਾਚਾਰ / GURSHARAN SINGH