

ਅੰਮ੍ਰਿਤਸਰ, 06 ਅਪ੍ਰੈਲ (ਹਿੰ.ਸ.)|
ਅੰਮ੍ਰਿਤਸਰ ਵਿੱਚ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਵੱਡੀ ਹਾਜ਼ਰੀ ਦੇਖਣ ਨੂੰ ਮਿਲੀ। ਪ੍ਰੋਗਰਾਮ ਦੌਰਾਨ ਇੱਕ ਵਿਸ਼ਾਲ ਰੈਲੀ ਵੀ ਕੱਢੀ ਗਈ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਪ੍ਰੇਰਿਤ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਭਾਜਪਾ ਦਾ ਸਥਾਪਨਾ ਦਿਵਸ ਸਿਰਫ ਇੱਕ ਦਿਨ ਦੀ ਰਸਮ ਨਹੀਂ, ਸਗੋਂ ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਜ਼ਦੂਰ ਵਿੰਗ ਨਾਲ ਸੰਬੰਧਿਤ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਮਕਸਦ ਪਾਰਟੀ ਨੂੰ ਜੜ੍ਹਾਂ ਤੱਕ ਮਜ਼ਬੂਤ ਕਰਨਾ ਹੈ। ਇਸ ਮੌਕੇ ਬਿੱਟੂ ਨੇ ਹਾਲ ਹੀ ਵਿੱਚ ਮਾਰੇ ਗਏ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਿਆਂ ਦੀ ਮੰਗ ਕਰਦਿਆਂ ਉਨ੍ਹਾਂ ਨੇ ਸੰਸਦ ਵਿੱਚ ਵੀ ਆਵਾਜ਼ ਉਠਾਈ ਹੈ ਅਤੇ ਇਸ ਦੀ ਨਿਰਪੱਖ ਜਾਂਚ ਲਈ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੰਗ ਕਿਸੇ ਰਾਜਨੀਤਿਕ ਲਾਭ ਲਈ ਨਹੀਂ, ਸਗੋਂ ਪੀੜਤ ਪਰਿਵਾਰ ਦੀ ਮੰਗ ਦੇ ਆਧਾਰ ‘ਤੇ ਕੀਤੀ ਗਈ ਹੈ।
ਬਿੱਟੂ ਨੇ ਕਿਹਾ ਕਿ ਗਗਨਦੀਪ ਸਿੰਘ ਦੀ ਪਤਨੀ ਅਤੇ ਬੱਚਿਆਂ ਨੇ ਨਿਆਂ ਲਈ ਅਪੀਲ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸਾਰੇ ਸੰਸਦ ਮੈਂਬਰਾਂ ਨੂੰ ਇਕੱਠੇ ਹੋ ਕੇ ਨਿਆਂ ਸੁਨਿਸ਼ਚਿਤ ਕਰਨ ਲਈ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸੂਬੇ ਦੀ ਰਾਜਨੀਤੀ ਵਿੱਚ ਕੁਝ ਆਗੂ ਸਿਰਫ ਦੋਸ਼ਾਰੋਪਣ ਦੀ ਰਾਜਨੀਤੀ ਕਰ ਰਹੇ ਹਨ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਰੈਲੀਆਂ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਸਿਰਫ ਭਾਸ਼ਣਾਂ ਅਤੇ ਚੁਟਕਲਿਆਂ ਨਾਲ ਸਰਕਾਰ ਨਹੀਂ ਚੱਲਦੀ, ਲੋਕ ਹੁਣ ਵਿਕਾਸ ਅਤੇ ਨਤੀਜੇ ਚਾਹੁੰਦੇ ਹਨ।
ਬਿੱਟੂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ ਅਤੇ ਸੂਬੇ ਵਿੱਚ ਡਬਲ ਇੰਜਨ ਦੀ ਸਰਕਾਰ ਬਣੇਗੀ, ਜਿਸ ਨਾਲ ਵਿਕਾਸ ਨੂੰ ਤੇਜ਼ੀ ਮਿਲੇਗੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿੱਚ ਚੱਲ ਰਹੇ ਭੰਡਾਰੀ ਪੁੱਲ ਦੇ ਕੰਮ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁੱਲ ਦੇ ਹੇਠਾਂ 11 ਰੇਲਵੇ ਲਾਈਨਾਂ ਹੋਣ ਕਾਰਨ ਕੰਮ ਵਿੱਚ ਤਕਨੀਕੀ ਮੁਸ਼ਕਲਾਂ ਆ ਰਹੀਆਂ ਹਨ। ਹਰ ਲਾਈਨ ‘ਤੇ ਲਗਾਤਾਰ ਰੇਲ ਗੱਡੀਆਂ ਦੀ ਆਵਾਜਾਈ ਹੋਣ ਕਾਰਨ ਕੰਮ ਲਈ ਬਲੌਕ ਲੈਣਾ ਔਖਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੰਮ ਦੌਰਾਨ ਜ਼ਮੀਨ ਹੇਠਾਂ ਵੱਡੀਆਂ ਪਾਈਪ ਲਾਈਨਾਂ ਵੀ ਮਿਲੀਆਂ, ਜਿਨ੍ਹਾਂ ਰਾਹੀਂ ਡੀਜ਼ਲ ਆਦਿ ਦੀ ਸਪਲਾਈ ਹੁੰਦੀ ਸੀ, ਜਿਸ ਕਾਰਨ ਕੰਮ ਵਿੱਚ ਦੇਰੀ ਹੋਈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁੱਲ ਦੇ ਕੰਮ ਵਿੱਚ ਹੋ ਰਹੀ ਦੇਰੀ ਦਾ ਕਿਸੇ ਹੋਟਲ ਨਿਰਮਾਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH