ਸ੍ਰੀ ਮੁਕਤਸਰ ਸਾਹਿਬ ਵਿੱਚ ਸੁਖਬੀਰ ਬਾਦਲ ਦਾ ਐਲਾਨ, ਗੜੇਮਾਰੀ ਦਾ ਸ਼ਿਕਾਰ ਕਿਸਾਨਾਂ ਦੀ ਮਦਦ ਕਰੇਗਾ ਅਕਾਲੀ ਦਲ
ਸੁਖਬੀਰ ਸਿੰਘ ਬਾਦਲ ਨੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ, ਵਰਕਰਾਂ ਨੂੰ ਮਦਦ ਲਈ ਅਪੀਲ
ਸ੍ਰੀ ਮੁਕਤਸਰ ਸਾਹਿਬ ਦੀ ਰੈਲੀ ਦੌਰਾਨ ਸੁਖਬੀਰ ਬਾਦਲ ਤੇ ਅਕਾਲੀ ਆਗੂ।


ਸ੍ਰੀ ਮੁਕਤਸਰ ਸਾਹਿਬ, 06 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਾਲ ਹੀ ਵਿੱਚ ਗੜ੍ਹੇਮਾਰੀ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ। ਇਹ ਰੈਲੀ ‘ਪੰਜਾਬ ਬਚਾਓ’ ਮੁਹਿੰਮ ਦੇ ਤਹਿਤ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਵੀ ਅਕਾਲੀ ਦਲ ਨੇ ਹੀ ਕਿਸਾਨਾਂ ਦੀ ਮਦਦ ਕੀਤੀ ਸੀ, ਜਦਕਿ ਸਰਕਾਰ ਨੇ ਉਨ੍ਹਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਸੀ। ਉਨ੍ਹਾਂ ਵਰਕਰਾਂ ਨੂੰ ਹੁਕਮ ਦਿੱਤਾ ਕਿ ਉਹ ਪ੍ਰਭਾਵਿਤ ਕਿਸਾਨਾਂ ਨੂੰ ਚਾਰਾ, ਬੀਜ ਅਤੇ ਦਵਾਈਆਂ ਮੁਹੱਈਆ ਕਰਵਾਉਣ ਅਤੇ ਹਰ ਸੰਭਵ ਸਹਾਇਤਾ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਅਗਲੀ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਵੱਡੀ ਤਰਜੀਹ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇਗੀ ਤਾਂ ਜੋ ਕੁਦਰਤੀ ਆਫ਼ਤਾਂ ਵਿੱਚ ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਤਬਾਹ ਹੋਈ ਹੈ, ਉਨ੍ਹਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਭਾਗਸਰ, ਗੰਧਾਰ ਅਤੇ ਲੱਖੇਵਾਲੀ ਪਿੰਡਾਂ ਦਾ ਦੌਰਾ ਕਰਕੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਹੱਕਾਂ ਲਈ ਲੜਾਈ ਜਾਰੀ ਰੱਖਣਗੇ।

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਬਿਜਲੀ ਉਤਪਾਦਨ ਦੇ ਮਾਮਲੇ ਵਿੱਚ ਝੂਠੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਮੌਜੂਦਾ ਸਰਕਾਰ ਅਤੇ ਨਾ ਹੀ ਪਿਛਲੀ ਕਾਂਗਰਸ ਸਰਕਾਰ ਨੇ ਕੋਈ ਨਵਾਂ ਬਿਜਲੀ ਪਲਾਂਟ ਲਗਾਇਆ ਹੈ, ਜਦਕਿ ਅਕਾਲੀ ਸਰਕਾਰ ਦੇ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਭਟਕ ਕੇ ਸਿਰਫ਼ ਵਿਰੋਧੀਆਂ ‘ਤੇ ਨਿਸ਼ਾਨਾ ਸਾਧ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੀ ਸੁਰੱਖਿਆ ਛੱਡ ਕੇ ਕਿਸੇ ਵੀ ਪਿੰਡ ਵਿੱਚ ਜਾ ਕੇ ਲੋਕਾਂ ਦਾ ਸਾਹਮਣਾ ਕਰਨ।

ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕਈ ਵੱਡੇ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ, ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਕਮ 1 ਲੱਖ ਰੁਪਏ ਤੱਕ ਵਧਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਉਦਯੋਗਾਂ ਵਿੱਚ 75 ਫੀਸਦੀ ਨੌਕਰੀਆਂ ਸਥਾਨਕ ਲੋਕਾਂ ਲਈ ਰਾਖਵੀਆਂ ਹੋਣਗੀਆਂ। ਅਧਿਆਪਕਾਂ ਦੀਆਂ 12,000 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਹਰ ਜ਼ਿਲ੍ਹੇ ਵਿੱਚ ਸਕਿੱਲ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜ ਖੋਲ੍ਹੇ ਜਾਣਗੇ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਨਰਦੇਵ ਸਿੰਘ ਮਾਨ, ਮਨਜਿੰਦਰ ਸਿੰਘ ਬਿੱਟੂ, ਤੇਜਿੰਦਰ ਮਿੱਡੂਖੇੜਾ, ਹਰਗਬਿੰਦ ਕੌਰ, ਹਰਪ੍ਰੀਤ ਸਿੰਘ ਕੋਟਭਾਈ, ਹਨੀ ਫੱਤਣਵਾਲਾ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande