
ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਚੰਡੀਗੜ੍ਹ ਸ਼ਹਿਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਾ ਈਮੇਲ ਮਿਲਣ ਦੀ ਖ਼ਬਰ ਸਾਹਮਣੇ ਆਈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ ਅਤੇ ਪੂਰੇ ਇਲਾਕੇ ਵਿੱਚ ਸੁਰੱਖਿਆ ਕੜੀ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਸੈਕਟਰ 41, 32, 47 ਅਤੇ 45 ਵਿੱਚ ਸਥਿਤ ਸਕੂਲਾਂ ਨੂੰ ਇਹ ਧਮਕੀ ਮਿਲੀ ਹੈ।
ਇਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਕੂਲਾਂ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਅਤੇ ਸਥਿਤੀ ਨੂੰ ਨਿਯੰਤਰਿਤ ਕਰਨ ਲਈ ਜ਼ਰੂਰੀ ਕਦਮ ਚੁੱਕੇ। ਕਈ ਥਾਵਾਂ ‘ਤੇ ਸਕੂਲਾਂ ਨੂੰ ਅਸਥਾਈ ਤੌਰ ‘ਤੇ ਖਾਲੀ ਕਰਵਾਇਆ ਗਿਆ।
ਪੁਲਿਸ ਅਧਿਕਾਰੀਆਂ ਮੁਤਾਬਕ ਬੰਬ ਨਿਰੋਧਕ ਦਸਤਿਆਂ ਅਤੇ ਡੌਗ ਸਕਵਾਡ ਦੀ ਮਦਦ ਨਾਲ ਸਕੂਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਧਮਕੀ ਭਰੇ ਈਮੇਲ ਦੇ ਸਰੋਤ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਕਾਰਨ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਅਫਵਾਹਾਂ ਤੋਂ ਦੂਰ ਰਹਿਣ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸੰਦੇਹਜਨਕ ਗਤੀਵਿਧੀ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਦੇ ਥਾਣਾ ਸੈਕਟਰ-34 ਦੇ ਐਸ.ਐਚ.ਓ. ਸਤਿੰਦਰ ਨੇ ਦੱਸਿਆ ਕਿ ਸਾਰੇ ਸਕੂਲਾਂ ਵਿੱਚ ਚੈਕਿੰਗ ਕਰਵਾ ਲਈ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸੰਵੇਦਨਸ਼ੀਲ ਚੀਜ਼ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਧਮਕੀ ਭਰੇ ਈਮੇਲ ਦਾ ਪ੍ਰਿੰਟ ਵੀ ਲੈ ਲਿਆ ਗਿਆ ਹੈ ਅਤੇ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH