
ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)। ਚੰਡੀਗੜ੍ਹ ਅਤੇ ਜਲੰਧਰ ਵਿੱਚ ਸੋਮਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕਈ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਮਿਲੇ। ਇਸ ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਸੁਰੱਖਿਆ ਦੇ ਪੱਖੋਂ ਵੱਡੇ ਪੱਧਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਬੰਬ ਨਿਰੋਧਕ ਦਸਤਿਆਂ, ਡੌਗ ਸਕਵਾਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਤੈਨਾਤ ਕਰਕੇ ਹਰ ਸੰਭਾਵਿਤ ਖਤਰੇ ਨੂੰ ਟਾਲਣ ਲਈ ਉੱਚ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ।ਧਮਕੀ ਭਰੇ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਗੌਰਵ ਯਾਦਵ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ। ਇਸ ਨਾਲ ਸੁਰੱਖਿਆ ਏਜੰਸੀਆਂ ਦੀ ਚਿੰਤਾ ਹੋਰ ਵੱਧ ਗਈ ਹੈ ਅਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।ਚੰਡੀਗੜ੍ਹ ਦੇ ਸੈਕਟਰ-16, ਸੈਕਟਰ-32, ਸੈਕਟਰ-41, ਸੈਕਟਰ-45 ਅਤੇ ਸੈਕਟਰ-47 ਵਿੱਚ ਸਥਿਤ ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕੀਤੀ। ਕਈ ਥਾਵਾਂ ‘ਤੇ ਮਾਪੇ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਲਈ ਸਕੂਲ ਪਹੁੰਚ ਗਏ। ਦੂਜੇ ਪਾਸੇ, ਜਲੰਧਰ ਵਿੱਚ ਕੁਝ ਸਕੂਲਾਂ ਨੇ ਆਮ ਦਿਨਾਂ ਵਾਂਗ ਕਲਾਸਾਂ ਜਾਰੀ ਰੱਖੀਆਂ, ਹਾਲਾਂਕਿ ਪੁਲਿਸ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਬੰਬ ਸਕਵਾਡ ਅਤੇ ਡੌਗ ਸਕਵਾਡ ਦੀਆਂ ਟੀਮਾਂ ਨੇ ਸਕੂਲਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਬਰੀਕੀ ਨਾਲ ਤਲਾਸ਼ੀ ਲਈ।ਧਮਕੀ ਸਿਰਫ ਸਕੂਲਾਂ ਤੱਕ ਸੀਮਿਤ ਨਹੀਂ ਰਹੀ। ਮੋਹਾਲੀ ਦੇ ਡੇਰਾਬੱਸੀ ਕੋਰਟ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ ਅਤੇ ਦੁਪਹਿਰ 3 ਵਜੇ ਤੱਕ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਵੀ ਅਦਾਲਤੀ ਕੰਪਲੈਕਸ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ।
ਪੁਲਿਸ ਨੇ ਤੁਰੰਤ ਸਾਇਬਰ ਸੈੱਲ ਦੀ ਮਦਦ ਨਾਲ ਈਮੇਲ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰ ਇੱਕ ਈਮੇਲ ਨੂੰ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਹ ਧਮਕੀ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਲੋਕ ਸ਼ਾਮਲ ਹਨ। ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕਿਸੇ ਵੀ ਥਾਂ ਤੋਂ ਕੋਈ ਸੰਦੇਹਜਨਕ ਵਸਤੂ ਨਹੀਂ ਮਿਲੀ, ਪਰ ਸੁਰੱਖਿਆ ਨੂੰ ਲੈ ਕੇ ਕੋਈ ਲਾਪਰਵਾਹੀ ਨਹੀਂ ਕੀਤੀ ਜਾ ਰਹੀ। ਜਲੰਧਰ ਪੁਲਿਸ ਨੇ ਵੀ ਕਿਹਾ ਹੈ ਕਿ ਸ਼ਹਿਰ ਵਿੱਚ ਪੈਟਰੋਲਿੰਗ ਵਧਾ ਦਿੱਤੀ ਗਈ ਹੈ ਅਤੇ ਹਰ ਸੂਚਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਪੁਲਿਸ ਅਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ। ਜੇਕਰ ਕਿਸੇ ਨੂੰ ਕੋਈ ਸੰਦੇਹਜਨਕ ਚੀਜ਼ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਐਮਰਜੈਂਸੀ ਨੰਬਰ 112 ‘ਤੇ ਸੂਚਨਾ ਦੇਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਚੌਕਸ ਹਨ ਅਤੇ ਹਾਲਾਤ ਕਾਬੂ ਵਿੱਚ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH