
ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)| ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਨੇ ਮਿਊਲ ਅਕਾਊਂਟਾਂ ਰਾਹੀਂ ਸਾਈਬਰ ਠੱਗੀ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਸ਼ੀ ਬੈਂਕ ਖਾਤਿਆਂ ਦਾ ਗਲਤ ਇਸਤੇਮਾਲ ਕਰਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਈਬਰ ਫਰੌਡ ਨੂੰ ਅੰਜਾਮ ਦੇ ਰਹੇ ਸਨ। ਇਹ ਕਾਰਵਾਈ ਇੰਡਿਅਨ ਸਾਈਬਰ ਕਰਾਈਮ ਕੋਆਰਡੀਨੇਸ਼ਨ ਸੈਂਟਰ ਤੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਚੰਡੀਗੜ੍ਹ ਵਿੱਚ ਚੱਲ ਰਹੇ ਕਈ ਬੈਂਕ ਖਾਤੇ ਵੱਖ-ਵੱਖ ਰਾਜਾਂ ਵਿੱਚ ਦਰਜ ਸਾਈਬਰ ਠੱਗੀ ਦੇ ਮਾਮਲਿਆਂ ਨਾਲ ਜੁੜੇ ਹੋਏ ਸਨ।
ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਕਮੀਸ਼ਨ ਦਾ ਲਾਲਚ ਦੇ ਕੇ ਆਪਣੇ ਬੈਂਕ ਖਾਤੇ ਵਰਤਣ ਲਈ ਤਿਆਰ ਕੀਤਾ ਗਿਆ ਸੀ। ਇਨ੍ਹਾਂ ਖਾਤਿਆਂ ਵਿੱਚ ਠੱਗੀ ਦੀ ਰਕਮ ਜਮ੍ਹਾਂ ਕਰਵਾਈ ਜਾਂਦੀ ਸੀ, ਜਿਸ ਨੂੰ ਬਾਅਦ ਵਿੱਚ ਹੋਰ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤਾ ਜਾਂਦਾ ਸੀ ਜਾਂ ਚੈਕਾਂ ਰਾਹੀਂ ਕੱਢ ਕੇ ਅੱਗੇ ਪਹੁੰਚਾਇਆ ਜਾਂਦਾ ਸੀ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਮਨੋਜ ਕੁਮਾਰ, ਜੈ ਕਿਸ਼ਨ ਸਿੰਘ, ਮੁਬਾਰਕ ਅਲੀ ਅਤੇ ਪਿਯੂਸ਼ ਪਾਂਡੇ ਵਜੋਂ ਹੋਈ ਹੈ। ਇਹ ਸਾਰੇ ਚੰਡੀਗੜ੍ਹ ਅਤੇ ਨਜ਼ਦੀਕੀ ਇਲਾਕਿਆਂ ਦੇ ਰਹਿਣ ਵਾਲੇ ਹਨ। ਇਨ੍ਹਾਂ ਖਿਲਾਫ਼ ਸਾਈਬਰ ਕਰਾਈਮ ਥਾਣੇ ਵਿੱਚ ਭਾਰਤੀ ਨਿਆਇਕ ਸੰਹਿਤਾ 2023 ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੋਰ ਜਾਂਚ ਜਾਰੀ ਹੈ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH