
ਅੰਮ੍ਰਿਤਸਰ, 07 ਅਪ੍ਰੈਲ (ਹਿੰ.ਸ.)|
ਖਾਲਸਾ ਸਾਜਣਾ ਦਿਵਸ (ਵਿਸਾਖੀ) ਦੇ ਮੌਕੇ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕੁੱਲ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਨੂੰ ਵੀਜ਼ਾ ਮਿਲਿਆ ਹੈ, ਜਦਕਿ 32 ਸ਼ਰਧਾਲੂ ਵੀਜ਼ੇ ਤੋਂ ਵੰਚਿਤ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੁੱਖ ਸਮਾਗਮ ਵਿੱਚ ਹਿੱਸਾ ਲਵੇਗਾ ਅਤੇ ਇਸ ਤੋਂ ਬਾਅਦ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਜਥਾ 19 ਅਪ੍ਰੈਲ ਨੂੰ ਵਾਪਸ ਦੇਸ਼ ਪਹੁੰਚੇਗਾ।
ਕਾਹਲਵਾਂ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ, ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਹਨ। ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH