
ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)|
ਪੰਜਾਬ ਸਰਕਾਰ ਨੇ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਦੇ ਨਾਲ ਨਾਲ ਵਿਭਾਗੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਕੁੱਲ 70 ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚ 14 ਸਹਾਇਕ ਖੋਜ ਅਫ਼ਸਰ, 4 ਸੀਨੀਅਰ ਸਹਾਇਕ ਅਤੇ 50 ਇਨਵੈਸਟੀਗੇਟਰ ਸ਼ਾਮਲ ਹਨ। ਇਸ ਤੋਂ ਇਲਾਵਾ, ਆਰਥਿਕ ਨੀਤੀ ਅਤੇ ਯੋਜਨਾ ਬੋਰਡ ਲਈ 2 ਅਸਾਮੀਆਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਕ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਕੀਤੀ ਜਾਵੇਗੀ।
ਚੀਮਾ ਨੇ ਦੱਸਿਆ ਕਿ ਪਹਿਲਾਂ ਕੈਬਨਿਟ ਅੱਗੇ 140 ਅਸਾਮੀਆਂ ਭਰਨ ਦੀ ਤਜਵੀਜ਼ ਰੱਖੀ ਗਈ ਸੀ, ਜਿਸ ਵਿੱਚੋਂ 29 ਮਾਰਚ 2026 ਨੂੰ ਹੋਈ ਮੀਟਿੰਗ ਦੌਰਾਨ 50 ਫੀਸਦੀ ਅਸਾਮੀਆਂ ਨੂੰ ਮਨਜ਼ੂਰੀ ਮਿਲੀ। ਇਸ ਤਰ੍ਹਾਂ ਮੌਜੂਦਾ ਭਰਤੀ ਮੁਹਿੰਮ ਵਿੱਚ ਕੁੱਲ 70 ਅਸਾਮੀਆਂ ਨੂੰ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਰਸਮੀ ਪੱਤਰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਬੀ) ਨੂੰ ਭੇਜ ਦਿੱਤਾ ਗਿਆ ਹੈ। ਐਸਐਸਬੀ ਵੱਲੋਂ ਜਲਦ ਤੋਂ ਜਲਦ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਰਾਜ ਦੀ ਪ੍ਰਸ਼ਾਸਕੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਸੂਬੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਵਿੱਚ ਮਦਦਗਾਰ ਸਾਬਤ ਹੋਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH