
ਬੁਢਲਾਡਾ/ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ 1.25 ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ ਤੇ ਇਨ੍ਹਾਂ ਕਿਸਾਨਾਂ ਦੀ ਮਦਦ ਵਾਸਤੇ ਅਕਾਲੀ ਦਲ ਪ੍ਰੋਗਰਾਮ ਤੈਅ ਕਰੇਗਾ ਜਦੋਂ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਮੰਗਲਵਾਰ ਨੂੰ ਇਥੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪ੍ਰੋਗਰਾਮ ਬਣਾ ਰਹੇ ਹਾਂ ਕਿ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹਨਾਂ ਨੇ ਭਲਕੇ ਚੰਡੀਗੜ੍ਹ ਵਿਚ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ ਹੈ ਜਿਸ ਵਿਚ ਸਾਰੇ ਪ੍ਰੋਗਰਾਮ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਿਸਾਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਬੇਮੌਸਮੀ ਬਰਸਾਤਾਂ ਤੇ ਗੜ੍ਹੇਮਾਰੀ ਦੇ ਕਾਰਨ 1.25 ਲੱਖ ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਹਾਲੇ ਤੱਕ ਫੌਰੀ ਮੁਆਵਜ਼ਾ ਨਹੀਂ ਦਿੱਤਾ ਹਾਲਾਂਕਿ ਆਮ ਆਦਮੀ ਪਾਰਟੀ ਨੇ ਇਸਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦੇ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਦੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।ਬਾਦਲ ਨੇ ਕਿਹਾ ਕਿ ਆਪ ਤੇ ਭਗਵੰਤ ਮਾਨ ਇੰਨਾ ਝੂਠ ਬੋਲਦੇ ਹਨ ਜਿਸਦੀ ਕੋਈ ਹੱਦ ਨਹੀਂ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸਪਸ਼ਟ ਹੈ ਕਿ ਆਪ ਦੇ 2014 ਵਿਚ ਪੰਜਾਬ ਵਿਚ ਦਾਖਲੇ ਤੋਂ ਬਾਅਦ ਹੀ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋਈਆਂ, ਮੁੱਖ ਮੰਤਰੀ ਅੱਜ ਦਾਅਵਾ ਕਰ ਰਹੇ ਹਨ ਕਿ ਮੈਂ ਬੇਅਦਬੀਆਂ ਦਾ ਦੋਸ਼ੀ ਹਾਂ। ਜੇਕਰ ਅਜਿਹਾ ਹੈ ਤਾਂ ਫਿਰ ਸਰਕਾਰ ਮੇਰੇ ਖਿਲਾਫ ਕੇਸ ਕਿਉਂ ਨਹੀਂ ਦਰਜ ਕਰਦੀ ਹੈ ?ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਤੇ ਕਾਂਗਰਸ ਰਲ ਕੇ ਸੂਬੇ ਵਿਚ ਅਕਾਲੀ ਦਲ ਦਾ ਤੂਫਾਨ ਰੋਕਣ ਵਾਸਤੇ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਦੀ ਬੋਲੀ ਬੋਲ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਮਾਨਸਾ ਵਿਚ ਏਮਜ਼ ਦੇ ਪੱਧਰ ਦਾ ਹਸਪਤਾਲ ਸਥਾਪਿਤ ਕੀਤਾ ਜਾਵੇਗਾ ਤੇ ਨਾਲ ਹੀ ਵੈਟਨਰੀ ਕਾਲਜ ਵੀ ਖੋਲ੍ਹਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਰੀਆਂ ਲਿੰਕ ਸੜਕਾਂ ਨਵੇਂ ਸਿਰੇ ਤੋਂ ਬਣਾਈਆਂ ਜਾਣਗੀਆਂ ਤੇ ਸਾਰੀਆਂ ਢਾਣੀਆਂ ਤੱਕ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਰੇ 12500 ਪਿੰਡਾਂ ਵਿਚ ਪੱਕੀਆਂ ਗਲੀਆਂ ਤੇ ਨਾਲੀਆਂ ਬਣਾਈਆਂ ਜਾਣਗੀਆਂ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਹਰ ਪਰਿਵਾਰ ਕੋਲ ਪੱਕਾ ਘਰ ਹੋਵੇ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1ਲੱਖ ਰੁਪਏ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਪਸ਼ੂ ਪਾਲਣ ਦਾ ਧੰਦਾ ਅਪਣਾਉਣ ਵਾਲਿਆਂ ਨੂੰ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।ਇਸ ਮੌਕੇ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਨੇ ਇਕੱਲੇ ਬੁਢਲਾਡਾ ਵਿਚ ਸਿੰਜਾਈ ਸਹੂਲਤਾਂ ’ਤੇ 800 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਪ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ ਭਾਵੇਂ ਉਹਨਾਂ ਦਾ ਹੜ੍ਹਾਂ ਨਾਲ, ਗੜ੍ਹੇਮਾਰੀ ਨਾਲ ਜਾਂ ਫਿਰ ਸੁੰਢੀ ਦੇ ਹਮਲੇ ਨਾਲ ਨੁਕਸਾਨ ਹੋਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਕੁਮਾਰ ਅਰੋੜਾ, ਜਤਿੰਦਰ ਸਿੰਘ ਸੋਢੀ ਅਤੇ ਕਰਮਜੀਤ ਕੌਰ ਸਮਾਓ ਨੇ ਵੀ ਸੰਬੋਧਨ ਕੀਤਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ