
ਮੋਹਾਲੀ, 07 ਅਪ੍ਰੈਲ (ਹਿੰ.ਸ.)|
2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹਲਕਾ ਮੋਹਾਲੀ ਦੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (ਕਾਂਗਰਸ) ਦੇ ਜ਼ਿਲ੍ਹਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਅੱਜ ਗਿੱਲ ਵੱਲੋਂ ਪਿੰਡ ਰਾਏਪੁਰ, ਧਰਮਗੜ੍ਹ ਅਤੇ ਨਗਾਰੀ ਵਿੱਚ ਮੀਟਿੰਗਾਂ ਕਰਕੇ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਕਾਂਗਰਸ ਸਰਕਾਰ ਬਣਦੇ ਹੀ ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਪਿੰਡ ਧਰਮਗੜ੍ਹ ਦੇ ਲੋਕਾਂ ਨੇ ਗੈਰਕਾਨੂੰਨੀ ਡੰਪਿੰਗ ਗਰਾਊਂਡ ਕਾਰਨ ਪੈ ਰਹੀਆਂ ਪਰੇਸ਼ਾਨੀਆਂ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਸਿਹਤ ਸੰਬੰਧੀ ਖਤਰੇ ਵੱਧ ਰਹੇ ਹਨ। ਇਸੇ ਤਰ੍ਹਾਂ ਪਿੰਡ ਰਾਏਪੁਰ ਦੇ ਵਸਨੀਕਾਂ ਨੇ ਰਾਸ਼ਨ ਡਿਪੂ ਨਾ ਹੋਣ ਦੀ ਸਮੱਸਿਆ ਬਿਆਨ ਕੀਤੀ ਅਤੇ ਪਿੰਡ ਵਿੱਚ ਡਿਪੂ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ ਅਤੇ ਸੂਬੇ ਵਿੱਚ ਅਪਰਾਧ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਵਸਨੀਕ ਅਤੇ ਸਥਾਨਕ ਆਗੂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH