ਵਹਿਮਾਂ-ਭਰਮਾਂ ਦੀ ਬਜਾਏ ਮੈਡੀਕਲ ਸਾਇੰਸ ’ਤੇ ਕਰੋ ਭਰੋਸਾ : ਡਾ. ਰਣਜੀਤ
ਵਿਸ਼ਵ ਸਿਹਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਆਯੋਜਿਤ
ਸੈਮੀਨਾਰ ’ਚ ਵਧੀਆ ਚਾਰਟ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।


ਹੁਸ਼ਿਆਰਪੁਰ, 07 ਅਪ੍ਰੈਲ (ਹਿੰ.ਸ.)। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ ਅਤੇ ਡਾ. ਨੇਹਾ ਪਾਲ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ’ਤੇ ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ, ਬਲਾਕ ਐਕਸਟੈਂਸ਼ਨ ਐਜੂਕੇਟਰ ਰੋਹਿਤ ਸ਼ਰਮਾ, ਅਤੇ ਹੋਰ ਪੈਰਾ ਮੈਡੀਕਲ ਸਟਾਫ ਸਮੇਤ ਨਰਸਿੰਗ ਵਿਦਿਆਰਥਣਾਂ ਹਾਜ਼ਰ ਸਨ।ਇਸ ਮੌਕੇ ’ਤੇ ਡਾ. ਰਣਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਪੱਧਰ ’ਤੇ ਵਿਸ਼ਵ ਸਿਹਤ ਦਿਵਸ ਨੂੰ ਥੀਮ ਸਿਹਤ ਲਈ ਇਕੱਠੇ ਹੋਵੋ ਅਤੇ ਵਿਗਿਆਨ ਨਾਲ ਖੜੇ ਹੋਵੋ ਅਧੀਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ’ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜੋਕਾ ਯੁੱਗ ਵਿਗਿਆਨਕ ਯੁੱਗ ਹੈ, ਇਸ ਲਈ ਲੋਕਾਂ ਨੂੰ ਵਹਿਮਾਂ-ਭਰਮਾਂ ’ਤੇ ਵਿਸ਼ਵਾਸ ਕਰਨ ਦੀ ਬਜਾਏ ਮੈਡੀਕਲ ਸਾਇੰਸ ’ਤੇ ਭਰੋਸਾ ਕਰਦੇ ਹੋਏ ਸਿਹਤ ਸੰਸਥਾਵਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਹੋਰ ਦੱਸਿਆ ਕਿ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ, ਜੋ ਸਾਨੂੰ ਚੰਗੀ ਸਿਹਤ ਦੀ ਮਹੱਤਤਾ ਦਾ ਅਹਿਸਾਸ ਕਰਾਉਂਦਾ ਹੈ। ਇਹ ਦਿਨ ਪਹਿਲੀ ਵਾਰ ਸਾਲ 1950 ਵਿੱਚ ਮਨਾਇਆ ਗਿਆ ਸੀ, ਜਦਕਿ ਇਸ ਦੀ ਸ਼ੁਰੂਆਤ ਸਾਲ 1948 ਵਿੱਚ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਨਾਲ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ ਇੱਕ ਦਿਨ ਦੀ ਗਤੀਵਿਧੀ ਨਹੀਂ, ਸਗੋਂ ਇੱਕ ਮੌਕਾ ਹੈ ਜਿਸ ਰਾਹੀਂ ਅਸੀਂ ਆਪਣੇ ਜੀਵਨ ਅਤੇ ਸਮਾਜ ਵਿੱਚ ਚੰਗੀ ਸਿਹਤ ਨੂੰ ਪਹਿਲ ਦੇ ਸਕਦੇ ਹਾਂ ਅਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।ਜ਼ਿਲਾ ਮਾਸ ਮੀਡੀਆ ਅਫਸਰ ਤਰਸੇਮ ਲਾਲ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ ਇੱਕ ਖਾਸ ਨਾਅਰੇ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਬੰਧੀ ਕਿਸੇ ਵੀ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ’ਤੇ ਆਈ.ਸੀ.ਐਨ. ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਨਰਸਿੰਗ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਸੰਬੰਧੀ ਪੋਸਟਰ ਤਿਆਰ ਕੀਤੇ ਗਏ। ਵਧੀਆਂ ਚਾਰਟ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande