
ਬਠਿੰਡਾ, 07 ਅਪ੍ਰੈਲ (ਹਿੰ.ਸ.)। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਸ਼ਵ ਸਿਹਤ ਦਿਵਸ ਦੇ ਮੌਕੇ ’ਤੇ ਕਿਸਾਨ ਮੇਲੇ ਦੌਰਾਨ ਸਿਹਤ ਵਿਭਾਗ ਬਠਿੰਡਾ ਵੱਲੋਂ ਕਿਸਾਨਾਂ ਅਤੇ ਆਮ ਜਨਤਾ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਬਿਮਾਰੀਆਂ ਤੋਂ ਬਚਾਅ, ਸਹੀ ਖੁਰਾਕ, ਸਫਾਈ ਅਤੇ ਜੀਵਨਸ਼ੈਲੀ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਦੇ ਤੌਰ ’ਤੇ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ‘ਸਿਹਤ ਲਈ ਵਿਗਿਆਨ ਦੇ ਨਾਲ ਖੜ੍ਹੇ ਹੋਣਾ’ ਥੀਮ ਤਹਿਤ ਕਿਸਾਨ ਮੇਲੇ ਵਿੱਚ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਸੋਸ਼ਲ ਮੀਡੀਆ ਰਾਹੀਂ ਜਿੱਥੇ ਲਾਭਕਾਰੀ ਜਾਣਕਾਰੀ ਲੋਕਾਂ ਤੱਕ ਪਹੁੰਚਦੀ ਹੈ ਉੱਥੇ ਸਿਹਤ ਸਬੰਧੀ ਅਤੇ ਬਿਮਾਰੀਆਂ ਸਬੰਧੀ ਅਫਵਾਹਾਂ ਵੀ ਲੋਕਾਂ ਦੀ ਸਿਹਤ ਨੂੰ ਵਿਗਾੜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਅਧੂਰੀ ਜਾਣਕਾਰੀ ਲੋਕਾਂ ਨੂੰ ਅਜਿਹੇ ਫੈਸਲੇ ਲੈਣ ਲਈ ਪ੍ਰੇਰਿਤ ਕਰ ਸਕਦੀ ਹੈ ਜੋ ਉਨ੍ਹਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ। ਟੀਕਾਕਰਨ ਮੁਹਿੰਮ ਸਬੰਧੀ ਫੈਲੀਆਂ ਅਫਵਾਹਾਂ ਰਾਹੀਂ ਲੋਕਾਂ ਨੂੰ ਰੋਗ ਰਹਿਤ ਕਰਨ ਵਾਲੀਆਂ ਵੈਕਸੀਨਾਂ ਦਾ 100 ਪ੍ਰਤੀਸ਼ਤ ਟੀਕਾਕਰਨ ਨਹੀਂ ਹੁੰਦਾ ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ।
ਬੀ.ਈ.ਈ ਗਗਨਦੀਪ ਸਿੰਘ ਭੁੱਲਰ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਯੋਗ ਪਰਿਵਾਰਾਂ ਨੂੰ ਮੁਫ਼ਤ ਅਤੇ ਨਕਦ-ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੱਖ-ਵੱਖ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਸਮੇਂ-ਸਮੇਂ ਤੇ ਸਿਹਤ ਸੇਵਾਵਾਂ ਅਤੇ ਜਾਂਚ ਦਾ ਵੀ ਲਾਭ ਮਿਲਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ