
ਅੰਮ੍ਰਿਤਸਰ, 07 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀ ਵਰਗ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਾਂਬੱਧ ਹੱਲ ਕਰਨ ਲਈ ਇੱਕ ਪੋਰਟਲ www.punjabdisewa.com ਬਣਾਇਆ ਗਿਆ ਹੈ ਅਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਇਸ ਪੋਰਟਲ ਉੱਪਰ ਦਰਜ਼ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੋਰਟਲ ਉੱਪਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 196 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿਚੋਂ 153 ਨੂੰ ਹੱਲ ਕਰ ਦਿੱਤਾ ਗਿਆ ਹੈ ਜਦਕਿ ਬਕਾਇਆ ਸ਼ਿਕਾਇਤਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਰਟਲ ਉੱਪਰ ਆਈ ਹਰ ਸ਼ਿਕਾਇਤ ਉੱਪਰ ਫੌਰੀ ਕਾਰਵਾਈ ਕਰਦੇ ਸਮ੍ਹਾਂਬੱਧ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਪੱਧਰ `ਤੇ ਇਸ ਪੋਰਟਲ ਉੱਪਰ ਆਈਆਂ ਸ਼ਿਕਾਇਤਾਂ ਦਾ ਰੀਵਿਊ ਵੀ ਕੀਤਾ ਜਾਂਦਾ ਹੈ।
ਇਸ ਮੌਕੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰ ਕਮਿਸ਼ਨ ਵੱਲੋਂ ਵਪਾਰੀ ਵਰਗ ਨਾਲ ਸਬੰਧਿਤ ਮੁਸ਼ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ