
ਹੁਸ਼ਿਆਰਪੁਰ, 08 ਅਪ੍ਰੈਲ (ਹਿੰ.ਸ.)। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲਤਾ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ, 'ਆਪ' ਨੇਤਾ ਕਿਸਾਨ-ਪੱਖੀ ਹੋਣ ਦਾ ਦਾਅਵਾ ਕਰਦੇ ਨਹੀਂ ਥੱਕਦੇ ਸਨ। ਸੱਤਾ ਵਿੱਚ ਆਉਣ ਤੋਂ ਬਾਅਦ, ਇਨ੍ਹਾਂ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਦੇਖਾ ਕਰ ਦਿੱਤਾ ਹੈ।
ਸੂਦ ਨੇ ਕਿਹਾ ਕਿ ਕਿਸਾਨਾਂ ਨੂੰ ਨਾ ਤਾਂ ਵਾਅਦੇ ਅਨੁਸਾਰ ਸਾਰੀਆਂ ਫਸਲਾਂ 'ਤੇ ਐਮ.ਐਸ.ਪੀ. ਦਿੱਤਾ ਜਾ ਰਿਹਾ ਹੈ, ਨਾ ਹੀ ਫਸਲ ਬੀਮਾ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਗਿਆ ਹੈ। ਇਸ ਵਾਰ ਹਾੜੀ ਦੀਆਂ ਫਸਲਾਂ ਖਰਾਬ ਮੌਸਮ ਕਾਰਨ ਤਬਾਹ ਹੋ ਰਹੀਆਂ ਹਨ, ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਜਦੋਂ ਵੀ ਕਿਸਾਨ ਆਪਣੀ ਗੱਲ ਕਰਦੇ ਹਨ ਜਾਂ ਅੰਦਲੋਨ ਕਰਦੇ ਹਨ, ਤਾਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਜਾਂਦਾ ਹੈ, ਪਰ ਸਰਕਾਰ ਫਸਲ ਮੁਆਵਜ਼ੇ ਦੇ ਮੁੱਦੇ 'ਤੇ ਚੁੱਪ ਬੈਠੀ ਹੈ।
ਸੂਦ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਹੀ ਕਿਸਾਨ ਹੁਣ ਮਾਨ ਸਰਕਾਰ ਨੂੰ ਅਰਸ਼ ਤੋਂ ਫਰਸ਼ 'ਤੇ ਉਤਾਰ ਦੇਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ