ਚੰਡੀਗੜ੍ਹ ‘ਚ ਅਕਾਲੀ ਦਲ ਦੀ ਅਹਿਮ ਬੈਠਕ ਅੱਜ, ਫਸਲ ਨੁਕਸਾਨ ਤੇ ਸਿਆਸੀ ਹਾਲਾਤਾਂ ‘ਤੇ ਬਣੇਗੀ ਰਣਨੀਤੀ
ਮੁੱਖ ਮੰਤਰੀ ਦੇ ਬਿਆਨ ਖ਼ਿਲਾਫ਼ ਐਸ.ਓ.ਆਈ. ਵੱਲੋਂ ਘੇਰਾਵ ਦਾ ਐਲਾਨ, ਪੁਲਿਸ ਅਲਰਟ ‘ਤੇ
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ


ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)|

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿੱਚ ਇਕ ਅਹਿਮ ਬੈਠਕ ਬੁਲਾਈ ਗਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਮੀਟਿੰਗ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਸ਼ਾਮਲ ਹੋਣਗੇ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਦੁਪਹਿਰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ ‘ਚ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਨਾਲ ਹੋਏ ਫਸਲੀ ਨੁਕਸਾਨ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਨਾਲ ਹੀ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਮਦਦ ਦੇਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।

ਦੂਜੇ ਪਾਸੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸ.ਓ.ਆਈ.) ਦੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਦੇ ਬਿਆਨ ਦੇ ਵਿਰੋਧ ਵਿੱਚ ਅੱਜ ਸੀਐਮ ਹਾਊਸ ਦਾ ਘੇਰਾਵ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਮੈਂਬਰ ਸਵੇਰੇ 11:30 ਵਜੇ ਸੈਕਟਰ-11 ਦੇ ਗੁਰਦੁਆਰੇ ਤੋਂ ਰਵਾਨਾ ਹੋਣਗੇ। ਇਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਪੂਰੇ ਇਲਾਕੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਭਗਵੰਤ ਮਾਨ ਨੇ ਇੱਕ ਮੰਚ ਤੋਂ ਐਸ.ਓ.ਆਈ. ਨੂੰ “ਸਮੈਕ ਆਰਗੇਨਾਈਜ਼ੇਸ਼ਨ ਆਫ ਇੰਡੀਆ” ਕਹਿ ਦਿੱਤਾ ਸੀ, ਜਿਸ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ। ਅੱਜ ਦੀ ਮੀਟਿੰਗ ਅਤੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande