
ਅੰਮ੍ਰਿਤਸਰ , 08 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਨੂੰ ਬੇਨਕਾਬ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਨਾਬਾਲਿਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ, ਕਈ ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਸਨ। ਇਨ੍ਹਾਂ ਤਸਕਰਾਂ ਵੱਲੋਂ ਹਥਿਆਰ ਭਾਰਤੀ ਸਰਹੱਦ ਨੇੜੇ ਅਟਾਰੀ ਸੈਕਟਰ ਵਿੱਚ ਭੇਜੇ ਜਾਂਦੇ ਸਨ। ਹਥਿਆਰਾਂ ਨੂੰ ਪਹਿਲਾਂ ਤੋਂ ਤੈਅ ਕੀਤੀਆਂ ਥਾਵਾਂ ‘ਤੇ ਰੱਖਿਆ ਜਾਂਦਾ ਸੀ, ਜਿੱਥੋਂ ਇਹ ਮੁਲਜ਼ਮ ਉਹਨਾਂ ਨੂੰ ਚੁੱਕ ਕੇ ਅੱਗੇ ਸਥਾਨਕ ਅਪਰਾਧੀਆਂ ਤੱਕ ਪਹੁੰਚਾਉਂਦੇ ਸਨ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਸਿਰਫ਼ ਸਰਹੱਦੀ ਇਲਾਕਿਆਂ ਤੱਕ ਹੀ ਸੀਮਿਤ ਨਹੀਂ ਸਨ, ਸਗੋਂ ਪੰਜਾਬ ਦੇ ਅੰਦਰੂਨੀ ਖੇਤਰਾਂ ਵਿੱਚ ਵੀ ਸਪਲਾਈ ਕੀਤੇ ਜਾ ਰਹੇ ਸਨ। ਇਸ ਸਬੰਧੀ ਪੁਲਿਸ ਨੇ ਛੇਹਰਟਾ ਥਾਣੇ ਵਿੱਚ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲਿੰਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਮਾਮਲੇ ‘ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਤੋੜਨ ਲਈ ਕੜੀ ਕਾਰਵਾਈ ਜਾਰੀ ਰਹੇਗੀ ਅਤੇ ਸੂਬੇ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH