
ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)| ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇੱਕ ਮਹੱਤਵਪੂਰਨ ਅਤੇ ਮਨੁੱਖਤਾ-ਪ੍ਰੇਰਿਤ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਲਈ ਵਿਸ਼ੇਸ਼ “ਮਰਸੀ ਚਾਂਸ” ਦਾ ਐਲਾਨ ਕੀਤਾ ਗਿਆ ਹੈ, ਜੋ ਪਹਿਲਾਂ ਬੋਰਡ ਪ੍ਰੀਖਿਆ ਪਾਸ ਨਹੀਂ ਕਰ ਸਕੇ।
ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਪਰ ਅਸਫਲ ਰਹੇ ਵਿਦਿਆਰਥੀ ਇਸ ਵਿਸ਼ੇਸ਼ ਮੌਕੇ ਲਈ ਯੋਗ ਹੋਣਗੇ। ਹਾਲਾਂਕਿ ਇਸ ਲਈ ਇਹ ਲਾਜ਼ਮੀ ਹੈ ਕਿ ਵਿਦਿਆਰਥੀ ਘੱਟੋ-ਘੱਟ ਇੱਕ ਵਿਸ਼ਾ ਪਾਸ ਕਰ ਚੁੱਕੇ ਹੋਣ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਉਹਨਾਂ ਵਿਦਿਆਰਥੀਆਂ ਲਈ ਇੱਕ ਅਖੀਰੀ ਮੌਕਾ ਹੋਵੇਗੀ, ਜੋ ਕਈ ਕੋਸ਼ਿਸ਼ਾਂ ਦੇ ਬਾਵਜੂਦ ਆਪਣੀ ਸਕੂਲੀ ਸਿੱਖਿਆ ਪੂਰੀ ਨਹੀਂ ਕਰ ਸਕੇ। ਇਸ ਮੌਕੇ ਰਾਹੀਂ ਉਹ ਆਪਣਾ ਬੋਰਡ ਸਰਟੀਫਿਕੇਟ ਹਾਸਲ ਕਰ ਸਕਣਗੇ ਅਤੇ ਭਵਿੱਖ ਲਈ ਨਵੀਆਂ ਰਾਹਾਂ ਖੋਲ੍ਹ ਸਕਣਗੇ।
ਉਨ੍ਹਾਂ ਅਨੁਸਾਰ ਇਸ ਯੋਜਨਾ ਲਈ ਆਨਲਾਈਨ ਰਜਿਸਟ੍ਰੇਸ਼ਨ 27 ਅਪ੍ਰੈਲ 2026 ਤੋਂ ਸ਼ੁਰੂ ਹੋਵੇਗੀ, ਜਦਕਿ ਵਿਸ਼ੇਸ਼ ਪ੍ਰੀਖਿਆਵਾਂ 15 ਜੁਲਾਈ 2026 ਤੋਂ ਲਗਵਾਈਆਂ ਜਾਣਗੀਆਂ। ਵਿਸਤਾਰਪੂਰਵਕ ਦਿਸ਼ਾ-ਨਿਰਦੇਸ਼, ਵਿਸ਼ਾ-ਵਾਰ ਸਿਲੇਬਸ ਅਤੇ ਅਪਲਾਈ ਕਰਨ ਲਈ ਲਿੰਕ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹੋਵੇਗਾ। ਸ. ਬੈਂਸ ਨੇ ਇਸ ਪਹਿਲ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਦਇਆ, ਤਿਆਗ ਅਤੇ ਸਮਾਜਿਕ ਨਿਆਂ ਦੀ ਵਿਰਾਸਤ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਮੌਕਾ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਅਵਸਰ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਅਤੇ ਸਮੇਂ-ਸਮੇਂ ‘ਤੇ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ ਜਾਂ ਆਪਣੇ ਨੇੜਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸੰਪਰਕ ਕਰਦੇ ਰਹਿਣ।
ਹਿੰਦੂਸਥਾਨ ਸਮਾਚਾਰ / GURSHARAN SINGH