
ਫਾਜ਼ਿਲਕਾ, 08 ਅਪ੍ਰੈਲ (ਹਿੰ.ਸ.)। ਜਨਗਣਨਾ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਤਿਆਰੀਆਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਡੀ.ਸੀ ਕੰਪਲੈਕਸ ਫਾਜਿਲਕਾ ਦੇ ਮੀਟਿੰਗ ਹਾਲ ਵਿਖੇ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ ਫੀਲਡ ਟ੍ਰੇਨਰਾਂ ਦੀ 3 ਰੋਜ਼ਾ ਟ੍ਰੇਨਿੰਗ (6, 7 ਅਤੇ 9 ਅਪ੍ਰੈਲ) ਦੀ ਸ਼ੁਰੂਆਤ ਕੀਤੀ ਗਈ।ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਵੱਲੋਂ ਸਾਰੇ 35 ਫੀਲਡ ਟ੍ਰੇਨਰਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਅਤੇ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਮੇਂ ਸਿਰ ਨਿਭਾਈਆਂ ਜਾਣ। ਜਨਗਨਣਾ ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ ਤਹਿਤ ਤਿੰਨ ਦਿਨਾਂ ਵਿਸ਼ੇਸ਼ ਟ੍ਰੇਨਿੰਗ ਤਹਿਤ ਸੈਂਸਸ ਵਿਭਾਗ ਚੰਡੀਗੜ੍ਹ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਆਏ ਮਾਸਟਰ ਟ੍ਰੇਨਰ ਫਾਜ਼ਿਲਕਾ ਲੈਕਚਰਾਰ ਸੰਦੀਪ ਅਨੇਜਾ ਅਤੇ ਫਿਰੋਜਪੁਰ ਤੋਂ ਲੈਕਚਰਾਰ ਸੁਖਜਿੰਦਰ ਸਿੰਘ ਵੱਲੋਂ ਇਸ ਟ੍ਰੇਨਿੰਗ ਵਿੱਚ 35 ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸਾਸ਼ਕੀ ਪੱਖਾਂ ਬਾਰੇ ਵਿਸਥਾਰਪੂਰਵਕ ਪ੍ਰੈਕਟੀਕਲ ਤੌਰ ’ਤੇ ਟ੍ਰੇਨਿੰਗ ਦਿੱਤੀ ਗਈ।ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ 15 ਦਿਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕੇਗਾ। ਇਸ ਮੌਕੇ ਹਰਜਿੰਦਰ ਸਿੰਘ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸੇਸ ਅਫਸਰ ਅਤੇ ਉਨ੍ਹਾਂ ਦਾ ਦਫ਼ਤਰੀ ਸਟਾਫ, ਜ਼ਿਲ੍ਹਾ ਸੈਂਸੇਸ ਸੈੱਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਗੁੰਬਰ, ਵਰਿੰਦਰ ਨਾਰੰਗ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ