
ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)|
ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਗੈਰਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੇ ਕਬਜ਼ੇ ਵਿੱਚੋਂ 32 ਬੋਰ ਦੀ ਦੇਸੀ ਪਿਸਤੌਲ ਅਤੇ ਤਿੰਨ ਜਿੰਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਦੋਸ਼ੀ ਦੀ ਪਛਾਣ ਰਾਜਵੀਰ ਸਿੰਘ ਉਰਫ਼ ਦੀਪਕ ਵਾਸੀ ਮੁਹੱਲਾ ਖੋਖਰਾਂ ਵਜੋਂ ਕੀਤੀ ਗਈ ਹੈ। ਇਸ ਸਬੰਧੀ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਜਾਣਕਾਰੀ ਅਨੁਸਾਰ, ਏ.ਐਸ.ਆਈ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਅਮਰਿੰਦਰ ਸਿੰਘ ਦੀ ਨਿਗਰਾਨੀ ਵਿੱਚ ਸੀ.ਆਈ.ਏ. ਸਟਾਫ ਦੀ ਟੀਮ ਮੰਗਲਵਾਰ ਦੇਰ ਰਾਤ ਵੀਰੇਵਾਲਾ ਰੋਡ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗੋਦਾਮ ਨੇੜੇ ਇੱਕ ਨੌਜਵਾਨ ਸ਼ੱਕੀ ਹਾਲਤਾਂ ਵਿੱਚ ਖੜ੍ਹਾ ਨਜ਼ਰ ਆਇਆ, ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਗੈਰਕਾਨੂੰਨੀ ਪਿਸਤੌਲ ਅਤੇ ਗੋਲੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਮੁੱਢਲੀ ਪੁੱਛਗਿੱਛ ਦੇ ਅਧਾਰ ‘ਤੇ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਯੋਗੇਸ਼ ਮੋਂਗਾ ਵਾਸੀ ਮੁਹੱਲਾ ਸੇਠੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਥਿਆਰ ਕਿੱਥੋਂ ਲਿਆ ਗਿਆ ਸੀ ਅਤੇ ਇਸ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ। ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰ ਪੱਖ ਤੋਂ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH