
ਬੁਢਲਾਡਾ (ਮਾਨਸਾ), 09 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿੱਢੀ ਗਈ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਅੱਜ ਮਾਲਵਾ ਖਿੱਤੇ ਦੇ ਬੁਢਲਾਡਾ ਵਿੱਚ ਇੱਕ ਵਿਸ਼ਾਲ ਰੈਲੀ ਕਰਕੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ਦੌਰਾਨ ਪਾਰਟੀ ਲੀਡਰਸ਼ਿਪ ਨੇ ਸਾਲ 2027 ਵਿੱਚ ਪੰਜਾਬ ਅੰਦਰ ਬਸਪਾ ਦੀ ਸਰਕਾਰ ਬਣਾਉਣ ਅਤੇ ਸੂਬੇ ਨੂੰ ਖੁਸ਼ਹਾਲੀ ਤੇ ਤਰੱਕੀ ਦੀ ਲੀਹ 'ਤੇ ਤੋਰਨ ਦਾ ਪੱਕਾ ਸੰਕਲਪ ਲਿਆ। ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਹੋਈ ਇਸ ਰੈਲੀ ਵਿੱਚ ਪਾਰਟੀ ਦੇ ਸੈਂਟਰਲ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪਿਛਲੇ 78 ਸਾਲਾਂ ਤੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਰਹੀਆਂ ਪਾਰਟੀਆਂ ਨੇ ਸੂਬੇ ਨੂੰ ਸਿਰਫ਼ ਕਰਜ਼ੇ, ਨਸ਼ੇ ਅਤੇ ਬੇਰੁਜ਼ਗਾਰੀ ਦੀ ਸੌਗਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚ ਹੈ, ਜਿਸ ਕਾਰਨ ਵਿਕਾਸ ਦੇ ਸਾਰੇ ਕਾਰਜ ਠੱਪ ਪਏ ਹਨ। ਰੁਜ਼ਗਾਰ ਦੀ ਘਾਟ ਕਾਰਨ ਨੌਜਵਾਨ ਮਜ਼ਬੂਰੀਵੱਸ ਵਿਦੇਸ਼ਾਂ ਵੱਲ ਹਿਜਰਤ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਵੀ ਪੁਰਾਣੀਆਂ ਸਰਕਾਰਾਂ ਵਾਂਗ ਹੀ ਲੋਕ-ਵਿਰੋਧੀ ਸਾਬਤ ਹੋ ਰਹੀਆਂ ਹਨ।
ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਚਰਚਾ ਕਰਦਿਆਂ ਕਿਹਾ ਕਿ ਬਸਪਾ ਵੱਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮਹਿਮ ਪੰਜਾਬ ਦੇ ਵਿੱਚ ਪੰਜਾਬ ਦੀਆਂ ਮਾਵਾਂ ਪੁੱਤ ਬਚਾਉਣ ਲਈ ਪੰਜਾਬੀਆਂ ਦਾ ਆਸ਼ੀਰਵਾਦ ਮੰਗਦੀ ਹੈ ਬਸਪਾ ਪੰਜਾਬ ਵਿੱਚੋਂ ਡਰੱਗ ਮਾਫੀਆ ਦੀਆਂ ਪੰਜਾਬ ਦੀ ਰਾਜਨੀਤੀ ਤੋਂ ਜੜਾਂ ਪੁੱਟਣ ਦਾ ਕੰਮ ਕਰੇਗੀ ਤੇ ਨਸ਼ਾ ਮੁਕਤ ਸੂਬਾ ਬਣਾਏਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਫਸਲਾਂ ਦੇ ਬਾਰਿਸ਼ ਕਾਰਨ ਹੋਈ ਬਰਬਾਦੀ ਲਈ ਸਰਕਾਰ ਕਿਸਾਨਾਂ ਅਤੇ ਖੇਤੀ ਦੇ ਨਿਰਭਰ ਮਜ਼ਦੂਰਾਂ ਨੂੰ ਤੁਰੰਤ ਮੁਆਵਜਾ ਦੇਵੇ।
ਸੂਬੇ ਦੇ 100 ਫੀਸਦੀ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਨਿਯੁਕਤੀ ਯਕੀਨੀ ਬਣਾਈ ਜਾਵੇਗੀ ਅਤੇ ਸਿੱਖਿਆ ਦਾ ਅਧਿਕਾਰ (ਆਰਟੀਈ) ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਸਰਕਾਰੀ ਹਸਪਤਾਲਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਹਰ ਨਾਗਰਿਕ ਲਈ ਮੁਫ਼ਤ ਤੇ ਬਿਹਤਰ ਇਲਾਜ ਦਾ ਪ੍ਰਬੰਧ ਹੋਵੇਗਾ। ਬੁਲਾਰਿਆਂ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਗੈਂਗਸਟਰਵਾਦ ਨੇ ਲੋਕਾਂ ਦੇ ਮਨਾਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ। ਬਸਪਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਅਪਰਾਧਿਕ ਅਨਸਰਾਂ ਨੂੰ ਨੱਥ ਪਾ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ