
ਬਠਿੰਡਾ, 09 ਅਪ੍ਰੈਲ (ਹਿੰ.ਸ.)| ਬਠਿੰਡਾ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਹਰਬੰਸ ਸਿੰਘ ਦੇ ਤਬਾਦਲੇ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੱਤਰ ਲਿਖਿਆ ਹੈ। ਵਿਧਾਇਕ ਨੇ ਦੋਸ਼ ਲਗਾਇਆ ਕਿ ਸੰਬੰਧਿਤ ਅਧਿਕਾਰੀ ਨਾ ਤਾਂ ਲੋਕਾਂ ਦੇ ਕੰਮਾਂ ਵਿੱਚ ਸਹਿਯੋਗ ਕਰਦੇ ਹਨ ਅਤੇ ਨਾ ਹੀ ਫੋਨ ਉਠਾਉਣਾ ਜ਼ਰੂਰੀ ਸਮਝਦੇ ਹਨ। ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਧਿਕਾਰੀ ਖ਼ਿਲਾਫ਼ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਅਧਿਕਾਰੀ ਦਾ ਬਠਿੰਡਾ ਤੋਂ ਤਬਾਦਲਾ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ‘ਤੇ ਆਪਣੀ ਸਫਾਈ ਦਿੰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਹਰਬੰਸ ਸਿੰਘ ਨੇ ਕਿਹਾ ਕਿ ਉਹ ਇੱਕ ਵੀਡੀਓ ਕਾਨਫਰੰਸ ਵਿੱਚ ਵਿਆਸਤ ਸਨ, ਜਿਸ ਕਰਕੇ ਫੋਨ ਨਹੀਂ ਚੁੱਕ ਸਕੇ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਜਦੋਂ ਉਨ੍ਹਾਂ ਨੇ ਵਿਧਾਇਕ ਨੂੰ ਵਾਪਸ ਕਾਲ ਕੀਤੀ ਤਾਂ ਉਨ੍ਹਾਂ ਦੇ ਪੀਏ ਨੇ ਫੋਨ ਉਠਾਇਆ ਅਤੇ ਕਿਹਾ ਕਿ ਵਿਧਾਇਕ ਇਸ ਸਮੇਂ ਵਿਆਸਤ ਹਨ ਅਤੇ ਬਾਅਦ ਵਿੱਚ ਸੰਪਰਕ ਕੀਤਾ ਜਾਵੇ। ਅਧਿਕਾਰੀ ਨੇ ਕਿਹਾ ਕਿ ਬਾਕੀ ਸਾਰੀ ਜਾਣਕਾਰੀ ਵਿਧਾਇਕ ਨੂੰ ਪਹਿਲਾਂ ਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH