
ਮੋਹਾਲੀ, 09 ਅਪ੍ਰੈਲ (ਹਿੰ.ਸ.)| ਮੁੱਖ ਖੇਤੀਬਾੜੀ ਅਫ਼ਸਰ ਮੋਹਾਲੀ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਐਸ.ਏ ਐਸ.ਨਗਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਸਾਲ 2023 ਤੋਂ ਨਿਰੰਤਰ ਕਮੀ ਦਰਜ ਕੀਤੀ ਜਾ ਰਹੀ ਹੈਂ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵੱਲੋਂ ਦਿੱਤੇ ਸਹਿਯੋਗ, ਸਬਸਿਡੀ 'ਤੇ ਮੁਹੱਈਆ ਕਰਵਾਈਆ ਤਕਰੀਬਨ 1600 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਡੇ ਪੱਧਰ ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਹੈ।
ਇਸੇ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ 'ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।
ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੋਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ ਅਤੇ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਇਹ ਕਿਸਾਨ ਕਸਟਮ ਹਾਇਰਿੰਗ ਸੈਂਟਰ ਜਾਂ ਪੈਡੀ ਸਟਰਾ ਸਪਲਾਈ ਚੇਨ ਸਕੀਮ ਲਈ ਵੀ ਅਪਲਾਈ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH