
ਚੰਡੀਗੜ੍ਹ, 09 ਅਪ੍ਰੈਲ (ਹਿੰ.ਸ.)|
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਮੁੱਖ ਤੌਰ ‘ਤੇ ਸਾਫ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਜਾਂ ਹਨ੍ਹੇਰੀ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ, ਹਾਲਾਂਕਿ ਅੱਜ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪਿਛਲੇ 24 ਘੰਟਿਆਂ ਦੌਰਾਨ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਅਤੇ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ ਲਗਭਗ 0.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਸਮੇਂ ਤਾਪਮਾਨ ਆਮ ਤੋਂ ਕਰੀਬ 7.2 ਡਿਗਰੀ ਘੱਟ ਹੈ। ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੋਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਛਿਟਪੁਟ ਬਾਰਿਸ਼ ਹੋ ਸਕਦੀ ਹੈ।
ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਕਈ ਥਾਵਾਂ ‘ਤੇ ਗੜ੍ਹੇਮਾਰੀ ਅਤੇ ਬਿਜਲੀ ਚਮਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਸੂਬੇ ਵਿੱਚ ਔਸਤ 13.5 ਮਿਲੀਮੀਟਰ ਬਾਰਿਸ਼ ਦਰਜ ਹੋਈ, ਜੋ ਕਿ ਆਮ 3.4 ਮਿਲੀਮੀਟਰ ਨਾਲੋਂ 297 ਫੀਸਦੀ ਵੱਧ ਹੈ। ਜ਼ਿਲ੍ਹਾ ਪੱਧਰ ‘ਤੇ ਮੋਗਾ ਵਿੱਚ ਸਭ ਤੋਂ ਵੱਧ 40 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਰੂਪਨਗਰ ਦੇ ਕੋਟਲਾ ਅਤੇ ਭਰਤਗੜ੍ਹ ਵਿੱਚ 50 ਮਿਲੀਮੀਟਰ ਤੱਕ ਬਾਰਿਸ਼ ਹੋਈ। ਰੂਪਨਗਰ ਵਿੱਚ 34.8 ਮਿਲੀਮੀਟਰ, ਮੋਹਾਲੀ ਵਿੱਚ 23.8 ਮਿਲੀਮੀਟਰ ਅਤੇ ਫਾਜ਼ਿਲਕਾ ਵਿੱਚ 21 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਅਪ੍ਰੈਲ ਦੇ ਪਹਿਲੇ ਹਫ਼ਤੇ ਦੌਰਾਨ ਫਾਜ਼ਿਲਕਾ ਵਿੱਚ ਬਾਰਿਸ਼ ਆਮ ਨਾਲੋਂ 4636 ਫੀਸਦੀ ਅਤੇ ਮੋਗਾ ਵਿੱਚ 1726 ਫੀਸਦੀ ਵੱਧ ਰਹੀ।
ਮੌਸਮ ਵਿਭਾਗ ਮੁਤਾਬਿਕ ਇਸ ਸਮੇਂ ਉੱਤਰ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ ‘ਤੇ ਪੱਛਮੀ ਵਿਘਨ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਦੇ ਹਾਲਾਤ ਬਣੇ ਹੋਏ ਹਨ। ਇਹ ਪ੍ਰਣਾਲੀ ਸਮੁੰਦਰ ਤਲ ਤੋਂ 3 ਤੋਂ 9 ਕਿਲੋਮੀਟਰ ਉੱਚਾਈ ਤੱਕ ਫੈਲੀ ਹੋਈ ਹੈ। ਇਸਦੇ ਨਾਲ ਹੀ ਉਪ-ਉਸ਼ਣਾ ਕਟਿਬੰਧੀ ਪੱਛਮੀ ਜੈੱਟ ਸਟਰੀਮ ਵੀ ਸਰਗਰਮ ਹੈ, ਜਿਸ ਦੀ ਰਫ਼ਤਾਰ ਕਰੀਬ 230 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ 11 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਵਿਘਨ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਮੁੜ ਬਾਰਿਸ਼ ਅਤੇ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅਗਲੇ 24 ਘੰਟਿਆਂ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ ਅਗਲੇ ਚਾਰ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 5 ਤੋਂ 7 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH