ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਘਾਟ : ਐੱਮ.ਪੀ. ਕੰਗ
ਮਲਵਿੰਦਰ ਸਿੰਘ ਕੰਗ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਐੱਮ. ਪੀ. ਮਲਵਿੰਦਰ ਸਿੰਘ ਕੰਗ


ਨਵਾਂਸ਼ਹਿਰ, 01 ਮਈ (ਹਿੰ.ਸ.)। ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਐਮਪੀ ਲੈਡ ਫੰਡ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਤੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਲਲਿਤ ਮੋਹਨ ਪਾਠਕ ਵੀ ਸਨ।

ਮਲਵਿੰਦਰ ਸਿੰਘ ਕੰਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸਜਾਵਲਪੁਰ ਵਿਖੇ ਓਪਨ ਜਿਮ, ਪਿੰਡ ਜੇਠੂ ਮਜਾਰਾ ਤੇ ਦਿਲਾਵਰਪੁਰ ਵਿਖੇ ਸਟ੍ਰੀਟ ਤੇ ਡ੍ਰੇਨ ਕਾਰਜਾਂ, ਪਿੰਡ ਨੰਗਲ ਜੱਟਾ ਵਿਖੇ ਸ਼ਮਸ਼ਾਨਘਾਟ, ਪਿੰਡ ੳੜਾਪੜ ਵਿਖੇ ਫੁੱਟਬਾਲ ਗਰਾਊਂਡ, ਪਿੰਡ ਦੁਰਗਾਪੁਰ ਵਿਖੇ ਰੀਟੇਨਿੰਗ ਵਾਲ ਫਾਰ ਵਾਟਰ ਪਾਉਂਡ ਅਤੇ ਵਾਰਡ ਨੰਬਰ 1 ਵਿੱਚ ਕਮਿਊਨਿਟੀ ਹਾਲ ਦੇ ਮੁਕੰਮਲ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਲ 33 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਜਿੰਨ੍ਹਾਂ ਪਿੰਡਾਂ ਵਿੱਚ ਗ੍ਰਾਂਟ ਦਿੱਤੀ ਸੀ, ਹੁਣ ਉਨ੍ਹਾਂ ਦੇ ਪਿੰਡਾਂ ਵਿੱਚ ਕੀਤੀਆਂ ਗਈਆਂ ਉਸਾਰੀਆਂ ਨੂੰ ਲੋਕ ਅਰਪਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਹਮੇਸ਼ਾਂ ਕੰਮ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਮੁੱਖ ਤਰਜੀਹ ਹੈ ਕਿ ਉਹ ਪਿੰਡਾਂ ਨੂੰ ਸ਼ਹਿਰ ਵਾਲੀਆਂ ਸਾਰੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਓਪਨ ਜਿੰਮ ਬਣ ਨਾਲ ਉੱਥੋਂ ਦੇ ਨੌਜਵਾਨ ਖੇਡਾਂ ਨਾਲ ਜੁੜਣਗੇ ਅਤੇ ਕਮਿਊਨਿਟੀ ਹਾਲ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਤੇ ਸੱਭਿਆਚਾਰਕ ਸਮਾਗਮਾਂ ਲਈ ਢੁੱਕਵੀਂ ਥਾਂ ਮਿਲੀ ਹੈ, ਜਦਕਿ ਸ਼ਮਸ਼ਾਨਘਾਟ ਦੀ ਸ਼ੈੱਡ ਬਣਨ ਅਤੇ ਹੋਰ ਕੰਮ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਗ੍ਰਾਮ ਪੰਚਾਇਤ ਨੂੰ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵੀ ਕਿਹਾ। ਉਹਨਾਂ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮਿਆਰੀ ਕੰਮ ਯਕੀਨੀ ਬਣਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande