
ਫਤਿਹਗੜ੍ਹ ਸਾਹਿਬ, 10 ਮਈ (ਹਿੰ.ਸ.)| ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ੇ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ। ਮੰਡੀ ਗੋਬਿੰਦਗੜ੍ਹ ਵਿੱਚ 21 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਾਰਕ ਵਿੱਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਪਵਨਦੀਪ ਸਿੰਘ ਵਜੋਂ ਹੋਈ ਹੈ, ਜੋ ਅਮਲੋਹ ਹਲਕੇ ਦੇ ਪਿੰਡ ਮਾਜਰੀ ਕਿਸਨੇ ਵਾਲੀ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਸਥਾਨਕ ਲੋਕਾਂ ਨੇ ਪਾਰਕ ਵਿੱਚ ਨੌਜਵਾਨ ਦੀ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਮਲੋਹ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਵਨਦੀਪ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ। ਕੁਝ ਸਮਾਂ ਪਹਿਲਾਂ ਹੀ ਉਹ ਨਸ਼ਾ ਮੁਕਤੀ ਕੇਂਦਰ ਤੋਂ ਇਲਾਜ ਕਰਵਾ ਕੇ ਘਰ ਵਾਪਸ ਆਇਆ ਸੀ।
ਮ੍ਰਿਤਕ ਦੇ ਪਿਤਾ ਨਿਰਭੈ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਡਰੱਗ ਓਵਰਡੋਜ਼ ਕਾਰਨ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੌਕੇ ਤੋਂ ਲਾਸ਼ ਦੇ ਨੇੜੇ ਇੱਕ ਸਿਰਿੰਜ ਵੀ ਬਰਾਮਦ ਹੋਈ ਹੈ, ਜਿਸ ਨਾਲ ਨਸ਼ੇ ਦੇ ਓਵਰਡੋਜ਼ ਦਾ ਸ਼ੱਕ ਹੋਰ ਗਹਿਰਾ ਹੋ ਗਿਆ ਹੈ। ਦੁੱਖੀ ਪਿਤਾ ਨੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਛੋਟੇ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਵੱਡੇ ਡਰੱਗ ਸਪਲਾਇਰ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਹੋਰ ਨੌਜਵਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਉੱਧਰ ਪੁਲਿਸ ਦਾ ਕਹਿਣਾ ਹੈ ਕਿ ਸਿਵਲ ਹਸਪਤਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH