
ਕਿਹਾ, ਸੰਜੀਵ ਅਰੋੜਾ ਹਰ ਮਹੀਨੇ 200 ਕਰੋੜ ਰੁਪਏ ਕੇਜਰੀਵਾਲ ਲਈ ਇਕੱਠੇ ਕਰਕੇ ਪੰਜਾਬ ਦੀ ਲੁੱਟ ਕਰ ਰਹੇ ਸਨ ਲੁਧਿਆਣਾ, 10 ਮਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਠਾਏ ਗਏ ਇਤਰਾਜ਼ ਤੁਰੰਤ ਦੂਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਲੁਧਿਆਣਾ ਵਿੱਚ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਮੌਕੇ ਹੋਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਰਾਏ ਨਾਲ ਪੂਰੀ ਤਰ੍ਹਾਂ ਸਹਿਮਤ ਹੈ।
ਉਨ੍ਹਾਂ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਕੁਝ ਧਾਰਾਵਾਂ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹਨ ਅਤੇ ਇਨ੍ਹਾਂ ਵਿੱਚ ਸੋਧ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਜੋ ਕਿ ਸਿੱਖ ਕੌਮ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ, ਪਹਿਲਾਂ ਹੀ ਸਰਕਾਰ ਨੂੰ ਆਪਣੇ ਸੁਝਾਅ ਦੇ ਚੁੱਕੀ ਹੈ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।
“ਆਪ ਸਰਕਾਰ ਦਾ ਰਾਜ ਅਬਦਾਲੀ ਦੇ ਰਾਜ ਵਰਗਾ”
ਸੁਖਬੀਰ ਬਾਦਲ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਵੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਦਾ ਰਾਜ ਅਹਿਮਦ ਸ਼ਾਹ ਅਬਦਾਲੀ ਦੇ ਰਾਜ ਵਰਗਾ ਬਣ ਗਿਆ ਹੈ, ਜਿੱਥੇ ਸੂਬੇ ਦੇ ਸਰੋਤਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਰੋਤਾਂ ਨੂੰ ਲੁੱਟ ਕੇ ਹਰ ਮਹੀਨੇ 200 ਕਰੋੜ ਰੁਪਏ ਅਰਵਿੰਦ ਕੇਜਰੀਵਾਲ ਲਈ ਇਕੱਠੇ ਕੀਤੇ ਜਾ ਰਹੇ ਸਨ।
ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੇ ਓਐਸਡੀ ਅਤੇ ਹੋਰ ਸਹਿਯੋਗੀਆਂ ਖ਼ਿਲਾਫ਼ ਵੀ ਭ੍ਰਿਸ਼ਟਾਚਾਰ ਦੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਆਪ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬੇਨਕਾਬ ਕੀਤਾ ਜਾ ਸਕੇ।
ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦੀ ਅਸਲ ਆਵਾਜ਼ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਅਕਾਲੀ ਦਲ ਕਮਜ਼ੋਰ ਹੋਇਆ ਤਾਂ ਦਿੱਲੀ ਦੀਆਂ ਪਾਰਟੀਆਂ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਈ ਗਈ।
ਬਿਜਲੀ ਅਤੇ ਰਾਖਵਾਂਕਰਨ ’ਤੇ ਵੀ ਬੋਲੇ ਆਗੂ
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਸੀ, ਜਦਕਿ ਮੌਜੂਦਾ ਅਤੇ ਪਿਛਲੀ ਸਰਕਾਰਾਂ ਨੇ ਇੱਕ ਵੀ ਨਵਾਂ ਬਿਜਲੀ ਪ੍ਰੋਜੈਕਟ ਨਹੀਂ ਲਾਇਆ, ਜਿਸ ਕਾਰਨ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਨੇ ਬੀਸੀ ਵਰਗ ਲਈ ਪੰਚਾਇਤੀ ਰਾਜ ਸੰਸਥਾਵਾਂ ਵਿੱਚ 20 ਫੀਸਦੀ ਰਾਖਵਾਂਕਰਨ ਦੀ ਮੰਗ ਕੀਤੀ। ਸਮਾਗਮ ਦੌਰਾਨ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH