
ਮੰਤਰੀ ਸੰਜੀਵ ਅਰੋੜਾ ਦੇ ਵਕੀਲ ਦਾ ਦਾਅਵਾ 5 ਮਈ ਨੂੰ ਹੋਈ ਐਫਆਈਆਰ ਦਰਜ
ਚੰਡੀਗੜ੍ਹ, 10 ਮਈ (ਹਿੰ.ਸ.)| ਗੁਰੁਗ੍ਰਾਮ ਦੀ ਸ਼ੈਸਨ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਈਡੀ ਦੇ ਹਵਾਲੇ ਕਰ ਦਿੱਤਾ ਹੈ। ਐਤਵਾਰ ਸਵੇਰੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ। ਮੌਜੂਦਾ ਸਮੇਂ ਵਿੱਚ ਸੰਜੀਵ ਅਰੋੜਾ ਨਾਲ ਗੁਰੁਗ੍ਰਾਮ ਦੇ ਐਮਜੀ ਰੋਡ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਅਤੇ ਗੁਰੁਗ੍ਰਾਮ ਵਿੱਚ ਉਨ੍ਹਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਅਰੋੜਾ ਲੁਧਿਆਣਾ ਵੈਸਟ ਹਲਕੇ ਤੋਂ ਵਿਧਾਇਕ ਹਨ।
ਜਾਣਕਾਰੀ ਅਨੁਸਾਰ, ਕਰੀਬ 10 ਘੰਟਿਆਂ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਈਡੀ ਨੇ ਸ਼ਨੀਵਾਰ ਸ਼ਾਮ ਕਰੀਬ 5 ਵਜੇ ਚੰਡੀਗੜ੍ਹ ਤੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਦੇ ਸਰੋਤਾਂ ਮੁਤਾਬਕ ਸੰਜੀਵ ਅਰੋੜਾ ਅਤੇ ਉਨ੍ਹਾਂ ਨਾਲ ਸੰਬੰਧਿਤ ਕੰਪਨੀਆਂ ‘ਤੇ ਕਰੀਬ 157.12 ਕਰੋੜ ਰੁਪਏ ਦੀ ਕਥਿਤ ਫਰਜ਼ੀ ਵਿਕਰੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਨਕਲੀ ਐਕਸਪੋਰਟ ਦਿਖਾਉਣ ਦੇ ਦੋਸ਼ ਹਨ।
ਇਹੀ ਦੋਸ਼ਾਂ ਦੇ ਆਧਾਰ ‘ਤੇ ਈਡੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੁੱਛਗਿੱਛ ਦੌਰਾਨ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦੂਜੇ ਪਾਸੇ, ਅਰੋੜਾ ਦੇ ਵਕੀਲ ਅਰਜੁਨ ਨੇ ਕਿਹਾ ਕਿ ਈਡੀ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 7 ਦਿਨ ਦਿੱਤੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਜਾਂਚ ਢੰਗ ਨਾਲ ਨਹੀਂ ਕੀਤੀ ਗਈ ਅਤੇ ਇਹ ਕਾਰਵਾਈ ਰਾਜਨੀਤਿਕ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਏਜੰਸੀ ਨੇ 5 ਮਈ ਨੂੰ ਕੇਸ ਦਰਜ ਕੀਤਾ ਸੀ ਅਤੇ 9 ਮਈ ਦੀ ਸਵੇਰ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਐਫਆਈਆਰ ਦੀ ਕਾਪੀ ਨਹੀਂ ਦਿੱਤੀ ਗਈ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 16 ਮਈ ਦੀ ਤਾਰੀਖ ਮੁਕਰਰ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH