
ਚੰਡੀਗੜ੍ਹ, 11 ਮਈ (ਹਿੰ.ਸ.)| ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅੱਜ (11 ਮਈ) ਅੰਮ੍ਰਿਤਸਰ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਇਸ ਵੇਲੇ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਇਹ ਪੇਸ਼ੀ ਅਜਨਾਲਾ ਥਾਣੇ 'ਤੇ ਹੋਏ ਚਰਚਿਤ ਹਮਲੇ ਅਤੇ ਪ੍ਰਦਰਸ਼ਨ ਮਾਮਲੇ ਨਾਲ ਸੰਬੰਧਿਤ ਹੈ। ਪਿਛਲੀ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਅਦਾਲਤ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਇਸ ਕੇਸ ਤੋਂ ਡਿਸਚਾਰਜ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ ਪੂਰੇ ਸਬੂਤ ਨਹੀਂ ਹਨ ਅਤੇ ਉਨ੍ਹਾਂ ਨੂੰ ਰਾਜਨੀਤਿਕ ਕਾਰਨਾਂ ਕਰਕੇ ਫਸਾਇਆ ਗਿਆ ਹੈ।
ਦੂਜੇ ਪਾਸੇ, ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕੀਤਾ ਜਾ ਸਕਦਾ ਹੈ। ਸਰਕਾਰੀ ਪੱਖ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਵਿਰੋਧ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਅਤੇ ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾ ਦੌਰਾਨ ਕਾਨੂੰਨ-ਵਿਵਸਥਾ 'ਤੇ ਗੰਭੀਰ ਅਸਰ ਪਿਆ ਸੀ ਅਤੇ ਇਸ ਮਾਮਲੇ ਵਿੱਚ ਕਈ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH