
ਸ਼੍ਰੀ ਆਨੰਦਪੁਰ ਸਾਹਿਬ, 11 ਮਈ (ਹਿੰ.ਸ.)। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਰੁੱਧ ਧਰਨੇ ’ਤੇ ਬੈਠੇ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸਥਾਨਕ ਸਰਕਾਰ ਚੋਣਾਂ ਤੋਂ ਬਾਅਦ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਕਾਬਜ਼ ਹੋਣ ਉਪਰੰਤ, ਤੁਰੰਤ ਕਰਮਚਾਰੀਆਂ ਦੇ ਹੱਕ ਵਿੱਚ ਫੈਸਲੇ ਕੀਤੇ ਜਾਣਗੇ। ਮੰਤਰੀ ਨੇ ਦਾਅਵਾ ਕੀਤਾ ਕਿ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਵਿੱਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਪੜਾਅਵਾਰ ਢੰਗ ਨਾਲ ਕੰਟਰੈਕਟ ਵਿੱਚ ਲਿਆਂਦਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਨੌਕਰੀ ਵਿੱਚ ਸਥਿਰਤਾ ਆਏਗੀ ਅਤੇ ਤਰੱਕੀ ਦੇ ਮੌਕੇ ਵੀ ਵਧਣਗੇ। ਬੈਂਸ ਨੇ ਦੱਸਿਆ ਕਿ ਇਹ ਕਦਮ ਸਿਰਫ਼ ਰੋਜ਼ਗਾਰ ਦੀ ਸੁਰੱਖਿਆ ਲਈ ਹੀ ਨਹੀਂ, ਸਗੋਂ ਕਰਮਚਾਰੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਵੀ ਜਰੂਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਵਧਾਏ ਗਏ ਮਿਹਨਤਤਾਨਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਨੰਗਲ ਵਿੱਚ ਨਾ ਤਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਮਕਸਦ ਪ੍ਰਸ਼ਾਸਨ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ, ਤਾਂ ਜੋ ਹਰ ਵਰਗ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਧਰਨਾਕਾਰੀ ਕਰਮਚਾਰੀਆਂ ਵਿਚੋਂ ਰੇਸ਼ਮਾ, ਕਾਲੀਆ ਅਤੇ ਲਲਿਤ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਦਿੱਤੇ ਭਰੋਸੇ ’ਤੇ ਪੂਰਾ ਵਿਸ਼ਵਾਸ ਰੱਖਦੇ ਹਨ ਕਿਉਂਕਿ ਉਹ ਆਪਣੇ ਕੀਤੇ ਵਾਅਦੇ ਨਿਭਾਉਣ ਲਈ ਜਾਣੇ ਜਾਂਦੇ ਹਨ।
ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਮੁਫਤ ਸਿਹਤ ਬੀਮਾ ਯੋਜਨਾ, ਘਰੇਲੂ ਖਪਤਕਾਰਾਂ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ, ਮਿਆਰੀ ਸਿਹਤ ਸਹੂਲਤਾਂ ਅਤੇ ਆਧੁਨਿਕ ਸਿੱਖਿਆ ਢਾਂਚਾ ਉਪਲੱਬਧ ਕਰਵਾਇਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਫ-ਸੁਥਰਾ ਅਤੇ ਭਰੋਸੇਯੋਗ ਪ੍ਰਸ਼ਾਸਨ ਦੇਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਜਾਰੀ ਰਹਿਣਗੇ। ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ