
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 11 ਮਈ (ਹਿੰ.ਸ.)। ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸ਼ੁਰੂ ਕੀਤਾ ਹੈ ਅਤੇ ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਵਿਧਾਇਕ ਅਮਰਪਾਲ ਸਿੰਘ ਵਲੋਂ ਰੋਇਲ ਹਾਕੀ ਅਕੈਡਮੀ ਚਾਹਲ ਕਲਾਂ ਵਿੱਖੇ ਚੱਲ ਰਹੇ ਟਰਾਇਲਾਂ ਦੌਰਾਨ ਸ਼ਿਰਕਤ ਕੀਤੀ ਗਈ ਅਤੇ ਬੱਚਿਆ ਨਾਲ ਖੇਡ ਕੇ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨੌਜਵਾਨ ਸਮਾਜਿਕ ਬੁਰਾਈਆਂ ਦੇ ਜਾਲ ਵਿੱਚ ਫਸ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਨਸ਼ਾ ਵਿਰੋਧੀ ਮੁਹਿੰਮ’ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ