
ਬਟਾਲਾ, 11 ਮਈ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ।
ਵਿਧਾਇਕ ਨੇ ਕਿਹਾ ਕਿ 'ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ। ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ ’ਚ 82 ਫ਼ੀਸਦ ਅਤੇ ਗਣਿਤ ਵਿੱਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਫ਼ੀਸਦ ਅਤੇ 70 ਫ਼ੀਸਦ ਤੋਂ ਵੱਧ ਹਨ। 9ਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਮੁਹਾਰਤ ਦਰਜ ਕੀਤੀ ਜੋ ਕਿ ਕੇਰਲਾ ਦੇ 45 ਫ਼ੀਸਦ ਨਾਲੋਂ ਜ਼ਿਆਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ ਅਤੇ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਰਾਹੀਂ ਕੋਵਿਡ ਮਹਾਂਮਾਰੀ ਤੋਂ ਬਾਅਦ ਕੀਤੇ ਗਏ ਸੁਧਾਰਾਂ ਦੇ ਠੋਸ ਨਤੀਜੇ ਸਾਹਮਣੇ ਆਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿੱਚ ਹੁਣ ਬਿਜਲੀ ਉਪਲੱਬਧ ਹੈ, 99 ਫ਼ੀਸਦ ਸਕੂਲਾਂ ਵਿੱਚ ਕਾਰਜਸ਼ੀਲ ਕੰਪਿਊਟਰ ਉਪਲੱਬਧ ਹਨ ਅਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ। ਇਸ ਤੋਂ ਇਲਾਵਾ, 10ਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ 11ਵੀਂ ਜਮਾਤ ਵਿੱਚ ਦਾਖ਼ਲਾ ਲੈ ਰਹੇ ਹਨ। ਇਹ ਦਰ ਸਕੂਲ ਛੱਡਣ ਦੀ ਦਰ ਵਿੱਚ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਦਰਸਾਉਂਦੀ ਹੈ। ਵਿਦਿਆਰਥੀ ਅਧਿਆਪਕ ਅਨੁਪਾਤ 22:1 ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ “ਨੀਤੀ ਆਯੋਗ ਦੀ ਰਿਪੋਰਟ ਵਿੱਚ ਸਿੱਖਿਆ ਖੇਤਰ ਵਿੱਚ ਸ਼ਹਿਰੀ-ਪੇਂਡੂ ਖ਼ਿੱਤੇ ਦੇ ਪਾੜੇ ਨੂੰ ਪੂਰਨ ਅਤੇ ਪਿੰਡ ਦੇ ਵਿਦਿਆਰਥੀਆਂ ਅਤੇ ਕੁੜੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਪੰਜਾਬ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ ਹੈ। ਪੰਜਾਬ ਵੱਲੋਂ ਵਿਸ਼ਵ ਦੇ ਸਰਬੋਤਮ ਅਭਿਆਸਾਂ ਨੂੰ ਅਪਣਾਉਣ ਨਾਲ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਪ੍ਰੀਖਿਆ ਦੀ ਸਫਲਤਾ ਹਾਸਲ ਕਰਨ ਦੀ ਦਰ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹੁਣ ਤੱਕ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਪਾਸ ਕੀਤੀ ਹੈ ਅਤੇ 1,284 ਵਿਦਿਆਰਥੀ ਨੀਟ ਪ੍ਰੀਖਿਆ ਪਾਸ ਕਰ ਚੁੱਕੇ ਹਨ।”
ਅਧਿਆਪਕ ਸਿਖਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਤਹਿਤ ਸ਼ੁਰੂ ਕੀਤੇ ਗਏ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ ’ਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਾਡੇ ਕਲਾਸਰੂਮ ਸਰਬੋਤਮ ਨਾਲ ਮੁਕਾਬਲਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ 13,000 ਅਧਿਆਪਕਾਂ ਅਤੇ ਸਟਾਫ ਦੀ ਭਰਤੀ ਕੀਤੀ ਗਈ ਹੈ ਅਤੇ ਲਗਭਗ 3 ਲੱਖ ਵਿਦਿਆਰਥੀਆਂ ਲਈ ਇੰਗਲਿਸ਼ ਐੱਜ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ