ਸਟਾਫ਼ ਨਰਸਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ : ਡਾ. ਮਨਦੀਪ ਕਮਲ
ਹੁਸ਼ਿਆਰਪੁਰ ’ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਸਬੰਧੀ ਸਮਾਗਮ
ਹੁਸ਼ਿਆਰਪੁਰ ’ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਸਬੰਧੀ ਆਯੋਜਿਤ ਸਮਾਗਮ ਦਾ ਦ੍ਰਿਸ਼।


ਹੁਸ਼ਿਆਰਪੁਰ, 12 ਮਈ (ਹਿੰ.ਸ.)। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਟ੍ਰੇਨਿੰਗ ਸਕੂਲ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਨਰਸਿੰਗ ਪੇਸ਼ੇ ਨਾਲ ਜੁੜੇ ਸਿਹਤ ਕਰਮਚਾਰੀਆਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ।

ਇਸ ਮੌਕੇ ’ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਸੀਮਾ ਗਰਗ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਣਜੀਤ ਸਿੰਘ, ਡੀ.ਡੀ.ਐਚ.ਓ. ਡਾਕਟਰ ਕਪਿਲ ਡੋਗਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਬਲਵੀਰ ਕੌਰ, ਪ੍ਰਿੰਸੀਪਲ ਸੁਖਵਿੰਦਰ ਕੌਰ, ਰੋਹਿਤ ਸ਼ਰਮਾ ਬੀ.ਈ.ਈ., ਅਮਰਪ੍ਰੀਤ ਕੌਰ, ਮਨਮੀਤ ਕੌਰ, ਰੀਤੂ, ਰਾਜਬੀਰ ਕੌਰ ਅਤੇ ਪੂਨਮ ਸ਼ਰਮਾ ਵੀ ਹਾਜ਼ਰ ਸਨ।

ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਨ ਅਤੇ ਸਵਾਗਤੀ ਭਾਸ਼ਣ ਨਾਲ ਕੀਤੀ ਗਈ। ਸੰਬੋਧਨ ਕਰਦਿਆਂ ਡਾ. ਮਨਦੀਪ ਕਮਲ ਨੇ ਕਿਹਾ ਕਿ ਨਰਸਿੰਗ ਪੇਸ਼ਾ ਸਿਰਫ਼ ਇੱਕ ਨੌਕਰੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਨਰਸਿੰਗ ਵਿਦਿਆਰਥਣਾਂ ਨੂੰ ਆਪਣੇ ਪੇਸ਼ੇ ਪ੍ਰਤੀ ਇਮਾਨਦਾਰੀ, ਸੇਵਾ ਭਾਵਨਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਨਰਸਿੰਗ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿਖਲਾਈ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨਰਸਿੰਗ ਸਟਾਫ਼ ਅਤੇ ਵਿਦਿਆਰਥਣਾਂ ਦੀ ਕੋਵਿਡ ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਨਰਸਿੰਗ ਵਿਦਿਆਰਥਣਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥਣਾਂ ਨੇ ਕੋਰੀਓਗ੍ਰਾਫੀ, ਕਵਿਤਾਵਾਂ ਅਤੇ ਸਿਹਤ ਜਾਗਰੂਕਤਾ ਸੰਦੇਸ਼ ਦੇਣ ਵਾਲੇ ਨਾਟਕਾਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande