
ਅਬੋਹਰ, 12 ਮਈ (ਹਿੰ.ਸ.)| ਅਬੋਹਰ ਦੇ ਥਾਣਾ ਨੰਬਰ ਇੱਕ ਦੀ ਪੁਲਿਸ ਨੇ ਅਜੀਤ ਨਗਰ ਇਲਾਕੇ ਵਿੱਚ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਭਾਰੀ ਮਾਤਰਾ ਵਿੱਚ ਅਫੀਮ ਅਤੇ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਪੁਲਿਸ ਟੀਮ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਕਾਰਵਾਈ ਐਸਐਸਪੀ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸਪੀ ਆਸਵੰਤ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ। ਥਾਣਾ ਨੰਬਰ ਇੱਕ ਦੇ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਬੀਰ ਸਿੰਘ ਆਪਣੀ ਟੀਮ ਨਾਲ 11 ਮਈ ਦੀ ਰਾਤ ਦਾਣਾ ਮੰਡੀ ਤੋਂ ਅਜੀਤ ਨਗਰ ਵੱਲ ਜਾਣ ਵਾਲੇ ਕੱਚੇ ਰਸਤੇ ‘ਤੇ ਗਸ਼ਤ ਕਰ ਰਹੇ ਸਨ।
ਇਸ ਦੌਰਾਨ ਸਾਹਮਣੇ ਤੋਂ ਆ ਰਹੇ ਦੋ ਨੌਜਵਾਨ ਪੁਲਿਸ ਨੂੰ ਵੇਖ ਕੇ ਘਬਰਾ ਗਏ ਅਤੇ ਝਾੜੀਆਂ ਵਿੱਚ ਲੁਕਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਦੋਵੇਂ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 506 ਗ੍ਰਾਮ ਅਫੀਮ ਅਤੇ 29 ਕਿਲੋ 500 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਦੀ ਪਹਿਚਾਣ ਹਰਿੰਦਰ ਪਾਲ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਅਲਿਆਣਾ, ਥਾਣਾ ਅਰਨੀਵਾਲਾ ਅਤੇ ਕੁਲਬੀਰ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਰੁਹੇੜਿਆਂਵਾਲੀ ਵਜੋਂ ਹੋਈ ਹੈ। ਪੁਲਿਸ ਨੇ ਦੋਵੇਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 15, 18, 61 ਅਤੇ 85 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਪੁੱਛਗਿੱਛ ਦੌਰਾਨ ਇਹ ਜਾਣਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਨਸ਼ੀਲੇ ਪਦਾਰਥ ਕਿੱਥੋਂ ਲਿਆਂਦੇ ਗਏ ਸਨ ਅਤੇ ਇਹਨਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH