ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਨੂੰ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਲਈ ਵੱਡਾ ਭਰੋਸਾ
ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕੇ ਹੋਏ ਹਾਈਵੇਅ, ਫਲਾਈਓਵਰ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾ
ਮੀਟਿੰਗ ਦੌਰਾਨ ਨਿਤਿਨ ਗਡਕਰੀ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕੇ ਹੋਏ ਹਾਈਵੇਅ, ਫਲਾਈਓਵਰ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਇਸ ਭਰੋਸੇ ਨਾਲ ਸੂਬੇ ਵਿੱਚ ਕਈ ਮਹੱਤਵਪੂਰਨ ਸੜਕ ਪ੍ਰਾਜੈਕਟਾਂ ਨੂੰ ਰਫ਼ਤਾਰ ਮਿਲਣ ਦੀ ਸੰਭਾਵਨਾ ਬਣੀ ਹੈ।

ਮੀਟਿੰਗ ਦੌਰਾਨ ਕੇਂਦਰ ਨੇ ਭਵਾਨੀਗੜ੍ਹ-ਕੋਟਸ਼ਮੀਰ ਸੜਕ ਨੂੰ ਸੁਨਾਮ, ਚੀਮਾ ਮੰਡੀ, ਭੀਖੀ ਅਤੇ ਮਾਨਸਾ ਰਾਹੀਂ ਚਾਰ-ਮਾਰਗੀ ਕਰਨ ਸਬੰਧੀ ਸਕਾਰਾਤਮਕ ਭਰੋਸਾ ਦਿੱਤਾ। ਇਸ ਤੋਂ ਇਲਾਵਾ ਬਰਨਾਲਾ-ਬਾਜਾਖਾਨਾ ਅਤੇ ਮਲੇਰਕੋਟਲਾ-ਬਰਨਾਲਾ ਗਲਿਆਰਿਆਂ ਦੇ ਵਿਸਥਾਰ ਲਈ ਵੀ ਸਹਿਮਤੀ ਪ੍ਰਗਟਾਈ ਗਈ, ਜਿਸ ਨਾਲ ਮਾਲਵਾ ਖੇਤਰ ਵਿੱਚ ਆਵਾਜਾਈ ਅਤੇ ਵਪਾਰ ਨੂੰ ਵੱਡਾ ਲਾਭ ਮਿਲੇਗਾ।

ਕੇਂਦਰੀ ਮੰਤਰੀ ਨੇ ਅੰਮ੍ਰਿਤਸਰ ਦੇ ਵੱਲ੍ਹਾ ਫਲਾਈਓਵਰ ਦੇ ਲੰਬੇ ਸਮੇਂ ਤੋਂ ਲਟਕੇ ਕੰਮ ਨੂੰ ਜਲਦ ਪੂਰਾ ਕਰਨ ਲਈ ਵੀ ਭਰੋਸਾ ਦਿੱਤਾ। ਇਹ ਫਲਾਈਓਵਰ ਸ੍ਰੀ ਹਰਿਮੰਦਰ ਸਾਹਿਬ ਅਤੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਜੋੜਦਾ ਹੈ ਅਤੇ ਭਾਰੀ ਟ੍ਰੈਫਿਕ ਕਾਰਨ ਇਸ ਦੀ ਅਹਿਮੀਅਤ ਕਾਫ਼ੀ ਵੱਧ ਜਾਂਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਾਜੈਕਟ ਦਾ ਕੇਵਲ 76 ਫ਼ੀਸਦੀ ਕੰਮ ਹੀ ਮੁਕੰਮਲ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਅਤੇ ਸੁਰੱਖਿਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਟਿੰਗ ਵਿੱਚ ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਨੂੰ ਚਾਰ-ਮਾਰਗੀ ਕਰਨ ਦੇ ਪ੍ਰਾਜੈਕਟ ਨੂੰ ਵੀ ਅੱਗੇ ਵਧਾਉਣ ‘ਤੇ ਜ਼ੋਰ ਦਿੱਤਾ ਗਿਆ। ਇਹ ਰੋਡ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਤੇ ਸੈਰ-ਸਪਾਟਾ ਕੇਂਦਰਾਂ ਨਾਲ ਜੋੜਦਾ ਹੈ ਅਤੇ ਆਦਮਪੁਰ ਹਵਾਈ ਅੱਡੇ ਲਈ ਵੀ ਅਹਿਮ ਸੰਪਰਕ ਮਾਰਗ ਹੈ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਧਰਮਕੋਟ-ਜ਼ੀਰਾ-ਫਿਰੋਜ਼ਪੁਰ-ਫਾਜ਼ਿਲਕਾ, ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਅਤੇ ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕਾਂ ਨੂੰ ਕੌਮੀ ਰਾਜਮਾਰਗ ਘੋਸ਼ਿਤ ਕਰਨ ਸਬੰਧੀ ਮੰਗਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਦੀ “ਸੜਕ ਸੁਰੱਖਿਆ ਫੋਰਸ” ਪਹਿਲ ਦੀ ਵੀ ਸ਼ਲਾਘਾ ਕੀਤੀ ਅਤੇ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande