
ਹਾਈਬ੍ਰਿਡ ਝੋਨੇ ਦੇ ਬੀਜਾਂ ਦੀ ਜਾਂਚ ਲਈ ਬਣੇਗੀ ਵਿਸ਼ੇਸ਼ ਕਮੇਟੀ: ਸ਼ਿਵਰਾਜ ਸਿੰਘ ਚੌਹਾਨ
ਚੰਡੀਗੜ੍ਹ,13 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਅਹਿਮ ਮੀਟਿੰਗ ਕਰਕੇ ਸੂਬੇ ਦੇ ਕਿਸਾਨਾਂ ਨਾਲ ਜੁੜੇ ਕਈ ਗੰਭੀਰ ਮੁੱਦੇ ਉਠਾਏ। ਇਸ ਦੌਰਾਨ ਮੁੱਖ ਮੰਤਰੀ ਨੇ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ, ਤਾਂ ਜੋ ਪੰਜਾਬ ਵਿੱਚ ਖਰੀਦ ਅਤੇ ਲਿਫਟਿੰਗ ਕਾਰਜ ਸੁਚਾਰੂ ਢੰਗ ਨਾਲ ਚੱਲ ਸਕਣ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਕੁਝ ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਵਿੱਚ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਦਰ ਕਾਫ਼ੀ ਵੱਧ ਪਾਈ ਗਈ ਹੈ ਅਤੇ ਹੈੱਡ ਰਾਈਸ ਰਿਕਵਰੀ ਵੀ ਘੱਟ ਹੈ। ਉਨ੍ਹਾਂ ਕਿਹਾ ਕਿ ਅਜਿਹੀ ਫਸਲ ਭਾਰਤੀ ਖੁਰਾਕ ਨਿਗਮ ਵੱਲੋਂ ਨਿਰਧਾਰਤ ਮਿਆਰਾਂ ‘ਤੇ ਖਰੀ ਨਹੀਂ ਉਤਰਦੀ, ਜਿਸ ਕਾਰਨ ਕਿਸਾਨਾਂ ਨੂੰ ਖਰੀਦ ਵੇਲੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਵੱਡੇ ਹਿੱਤ ਵਿੱਚ ਇਨ੍ਹਾਂ ਬੀਜਾਂ ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਲਈ ਕੇਂਦਰੀ ਬੀਜ ਕਮੇਟੀ ਵਿੱਚ ਯੋਗ ਪ੍ਰਤੀਨਿਧਤਾ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਕੁੱਲ ਆਬਾਦੀ ਦਾ ਸਿਰਫ਼ 2 ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ। ਪੰਜਾਬ ਹਰ ਸਾਲ ਲਗਭਗ 185 ਲੱਖ ਮੀਟ੍ਰਿਕ ਟਨ ਚੌਲ ਅਤੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਕਰਦਾ ਹੈ, ਜਿਸ ਕਰਕੇ ਇਸਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਮੱਕੀ, ਦਾਲਾਂ, ਤੇਲ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਚਿੰਤਾ ਜਤਾਈ ਕਿ ਪੰਜਾਬ ਦੇ 150 ਵਿੱਚੋਂ 117 ਬਲਾਕ ਪਹਿਲਾਂ ਹੀ ਡਾਰਕ ਜ਼ੋਨ ਵਿੱਚ ਪਹੁੰਚ ਚੁੱਕੇ ਹਨ, ਜਿਸ ਕਾਰਨ ਭੂਮੀਗਤ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਬਦਲਵੀਆਂ ਫਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਾਗੂ ਕਰਨ ਦੀ ਮੰਗ ਕੀਤੀ, ਤਾਂ ਜੋ ਕਿਸਾਨ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਏਗਾ ਸਗੋਂ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ 2026-27 ਲਈ ਕਣਕ ਦੇ ਬੀਜਾਂ ‘ਤੇ ਸਬਸਿਡੀ ਜਾਰੀ ਕਰਨ ਅਤੇ ਖੇਤੀਬਾੜੀ ਖੇਤਰ ਲਈ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਗਿਆਨਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਬਹੁਤ ਜ਼ਰੂਰੀ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬ੍ਰਿਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ ਅਤੇ ਪੰਜਾਬ ਵਿੱਚ ਸੁਚਾਰੂ ਖਰੀਦ ਪ੍ਰਣਾਲੀ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH