ਤਰੁਨਪ੍ਰੀਤ ਸਿੰਘ ਸੌਂਦ ਨੇ ਸੰਭਾਲਿਆ ਬਿਜਲੀ ਮੰਤਰੀ ਦਾ ਅਹੁਦਾ
ਪਟਿਆਲਾ, 13 ਮਈ (ਹਿੰ.ਸ.)| ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਮੌ
ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ


ਪਟਿਆਲਾ, 13 ਮਈ (ਹਿੰ.ਸ.)| ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

ਅਹੁਦਾ ਸੰਭਾਲਣ ਤੋਂ ਬਾਅਦ ਸੌਂਦ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੰਤਰੀ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕਣ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਸੂਬੇ ਦੀ ਖੇਤੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ ਮੌਜੂਦਾ ਬਿਜਲੀ ਢਾਂਚੇ ਦੀ ਵੀ ਸਮੀਖਿਆ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਨੇ ਟ੍ਰਾਂਸਫਾਰਮਰਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਧਾਉਣ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਸਪਲਾਈ ਦੀ ਭਰੋਸੇਯੋਗਤਾ ਵਧੇ।

ਬਿਜਲੀ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੱਧ ਮੰਗ ਵਾਲੇ ਸੀਜ਼ਨ ਦੌਰਾਨ ਹਰ ਪੱਧਰ ‘ਤੇ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ, ਤਾਂ ਜੋ ਕਿਸੇ ਵੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾ ਸਕੇ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਘਰੇਲੂ, ਖੇਤੀਬਾੜੀ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਹਤਰ ਸੇਵਾਵਾਂ ਅਤੇ ਬਿਜਲੀ ਢਾਂਚੇ ਦੇ ਆਧੁਨਿਕੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੀਟਿੰਗ ਦੌਰਾਨ ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡਾ. ਇੰਦਰਪਾਲ ਸਿੰਘ, ਡਾਇਰੈਕਟਰ ਫਾਇਨੈਂਸ ਐੱਸ.ਕੇ. ਬੇਰੀ ਅਤੇ ਡਾਇਰੈਕਟਰ ਕਮਰਸ਼ੀਅਲ ਇੰਜੀਨੀਅਰ ਹਰਸ਼ਰਨ ਕੌਰ ਤ੍ਰੇਹਨ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande