
ਚੰਡੀਗੜ੍ਹ, 14 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਸੱਤ ਜ਼ਿਲ੍ਹਿਆਂ ਵਿੱਚ ਹਨ੍ਹੇਰੀ-ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ (40–50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਲੂ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਅਤੇ ਬਿਜਲੀ ਕੜਕਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਬੁੱਧਵਾਰ ਸ਼ਾਮ ਅਚਾਨਕ ਮੌਸਮ ਬਦਲ ਗਿਆ। ਤੇਜ਼ ਆੰਧੀ ਅਤੇ ਹਲਕੀ ਬਾਰਿਸ਼ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕੁਝ ਥਾਵਾਂ ‘ਤੇ ਨੁਕਸਾਨ ਵੀ ਹੋਇਆ।
ਮੌਸਮ ਵਿਭਾਗ ਦੇ ਅਨੁਸਾਰ 15 ਮਈ ਤੋਂ ਇੱਕ ਨਵਾਂ ਪੱਛਮੀ ਵਿਘਨ ਸਰਗਰਮ ਹੋ ਸਕਦਾ ਹੈ, ਜਿਸ ਨਾਲ ਉੱਤਰ-ਪੱਛਮੀ ਭਾਰਤ ਵਿੱਚ ਬੱਦਲ, ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੇਗੀ। ਇਸ ਤੋਂ ਇਲਾਵਾ 16 ਮਈ ਦੇ ਆਸ-ਪਾਸ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਵੀ ਅਨੁਕੂਲ ਹੋ ਸਕਦੇ ਹਨ।
ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ। ਫਰੀਦਕੋਟ ਵਿੱਚ ਸਭ ਤੋਂ ਵੱਧ 43.7 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਬਠਿੰਡਾ ਵਿੱਚ 43.4 ਡਿਗਰੀ, ਅਬੋਹਰ ਵਿੱਚ 40.7 ਡਿਗਰੀ, ਪਟਿਆਲਾ ਵਿੱਚ 39 ਡਿਗਰੀ, ਲੁਧਿਆਣਾ ਵਿੱਚ 38.8 ਡਿਗਰੀ, ਚੰਡੀਗੜ੍ਹ ਵਿੱਚ 38.6 ਡਿਗਰੀ ਅਤੇ ਅੰਮ੍ਰਿਤਸਰ ਵਿੱਚ 38.5 ਡਿਗਰੀ ਤਾਪਮਾਨ ਦਰਜ ਹੋਇਆ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ 7 ਦਿਨਾਂ ਵਿੱਚ ਤਾਪਮਾਨ ਵਿੱਚ 4 ਤੋਂ 6 ਡਿਗਰੀ ਤੱਕ ਵਾਧਾ ਹੋ ਸਕਦਾ ਹੈ। 17 ਤੋਂ 19 ਮਈ ਦੇ ਦਰਮਿਆਨ ਕਈ ਇਲਾਕਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ।
15 ਅਤੇ 16 ਮਈ ਨੂੰ ਕੋਈ ਵੱਡਾ ਅਲਰਟ ਨਹੀਂ, 17 ਮਈ: ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਲੂ ਦਾ ਅਸਰ ਰਹੇਗਾ
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਗਰਮੀ ਤੋਂ ਬਚਾਅ ਲਈ ਲੋੜੀਂਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH