
ਫਰੀਦਕੋਟ, 16 ਮਈ (ਹਿੰ.ਸ.)| ਫਰੀਦਕੋਟ ਪੁਲਿਸ ਦੇ ਸੀ.ਆਈ.ਏ ਸਟਾਫ ਵੱਲੋਂ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 307 ਗ੍ਰਾਮ ਹੇਰੋਇਨ ਸਮੇਤ ਮੋਟਰਸਾਈਕਲ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਰੀਦਕੋਟ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਫਿਰੋਜ਼ਪੁਰ ਦੀ ਮੱਛੀਆਂ ਵਾਲੀ ਬਸਤੀ ਦੇ ਵਸਨੀਕ ਵੰਸ਼ ਸਿੰਘ ਅਤੇ ਪਿੰਡ ਮੀਹਾ ਸਿੰਘ ਵਾਲਾ ਦੇ ਨਿਵਾਸੀ ਨਵਪ੍ਰੀਤ ਸਿੰਘ ਤੇ ਵਿਸ਼ਾਲ ਸਿੰਘ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਐੱਸ.ਐੱਸ.ਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸੀ.ਆਈ.ਏ ਸਟਾਫ ਦੇ ਏ.ਐੱਸ.ਆਈ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਚੰਦਬਾਜਾ ਨੇੜੇ ਰਜਬਾਹਾ ਪੁਲ ਕੋਲ ਪਹੁੰਚੀ ਤਾਂ ਇੱਕ ਮੋਟਰਸਾਈਕਲ ਦੇ ਕੋਲ ਖੜੇ ਤਿੰਨ ਨੌਜਵਾਨ ਸੰਦੇਹਜਨਕ ਹਾਲਤ ਵਿੱਚ ਨਜ਼ਰ ਆਏ। ਪੁਲਿਸ ਨੂੰ ਦੇਖਦੇ ਹੀ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 307 ਗ੍ਰਾਮ ਹੇਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਹਾਕਮ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੇਰੋਇਨ ਦੀ ਸਪਲਾਈ ਚੇਨ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਪੂਰੀ ਪੁੱਛਗਿੱਛ ਕੀਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH