
ਚੰਡੀਗੜ੍ਹ, 16 ਮਈ (ਹਿੰ.ਸ.)। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਸੀ.ਐਨ.ਜੀ. ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਡਾ. ਕਰੀਮਪੁਰੀ ਨੇ ਕਿਹਾ ਕਿ ਚੋਣਾਂ ਖਤਮ ਹੁੰਦਿਆਂ ਹੀ ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ ਅਤੇ ਜਨਤਾ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਤੋਂ ਲੈ ਕੇ 3.60 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕਰਨਾ ਆਮ ਆਦਮੀ ਅਤੇ ਖਾਸ ਕਰਕੇ ਮੱਧ ਵਰਗ ਤੇ ਕਿਸਾਨੀ ਦੀ ਜੇਬ 'ਤੇ ਸਿੱਧਾ ਡਾਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਦਾ ਅੰਕੜਾ ਪਾਰ ਕਰਨਾ ਬੇਹੱਦ ਚਿੰਤਾਜਨਕ ਹੈ, ਜਿਸ ਨਾਲ ਹਰ ਚੀਜ਼ ਦੀ ਮਹਿੰਗਾਈ ਵਧੇਗੀ।
ਡਾ. ਕਰੀਮਪੁਰੀ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਆਰਥਿਕ ਸਥਿਰਤਾ ਦਾ ਦਾਅਵਾ ਕਰ ਰਹੀ ਹੈ, ਪਰ ਦੂਜੇ ਪਾਸੇ ਲੋਕਾਂ 'ਤੇ ਟੈਕਸਾਂ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਮਾਲ-ਭਾੜਾ ਵਧੇਗਾ, ਜਿਸ ਨਾਲ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਜ਼ਰੂਰੀ ਸਾਮਾਨ ਹੋਰ ਮਹਿੰਗਾ ਹੋ ਜਾਵੇਗਾ। ਡਾ. ਕਰੀਮਪੁਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਦਾ ਇਹ ਖਦਸ਼ਾ ਸੱਚ ਸਾਬਤ ਹੋਇਆ ਹੈ ਕਿ ਚੋਣ ਪ੍ਰਕਿਰਿਆ ਨਿੱਬੜਦੇ ਹੀ ਸਰਕਾਰ ਤੇਲ ਦੀਆਂ ਕੀਮਤਾਂ ਵਧਾ ਕੇ ਆਮ ਜਨਤਾ ਨੂੰ ਝਟਕਾ ਦੇਵੇਗੀ।
ਡਾ. ਅਵਤਾਰ ਸਿੰਘ ਕਰੀਮਪੁਰੀ ਨੇ 'ਪੰਜਾਬ ਸੰਭਾਲੋ ਮਹਿਮ' ਦੇ ਜ਼ਰੀਏ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਪਹਿਲਾਂ ਹੀ ਆਰਥਿਕ ਮੰਦਹਾਲੀ ਅਤੇ ਕਰਜ਼ੇ ਦੇ ਬੋਝ ਹੇਠ ਦਬੇ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਪਾਰਟੀ ਵੱਲੋਂ ਲੋਕ ਵਿਰੋਧੀ ਫੈਸਲੇ ਨੂੰ ਜਨਤਾ ਦੇ ਵਿੱਚ ਲੈ ਕੇ ਜਾਇਆ ਜਾਏਗਾ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ