
ਲੁਧਿਆਣਾ, 16 ਮਈ (ਹਿੰ.ਸ.)। ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਸੈਕਟਰ 32 ਅਤੇ 39 ਤੋਂ ਇਲਾਵਾ ਤਾਜਪੁਰ ਰੋਡ ਮੋਤੀ ਨਗਰ ਅਤੇ ਹੋਰਨਾਂ ਇਲਾਕਿਆਂ ਚ 4.5 ਕਰੋੜ ਦੀ ਲਾਗਤ ਨਾਲ ਨਵੀਂ ਪੈਣ ਜਾ ਰਹੀ ਸੀਵਰੇਜ ਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ 32 ਅਤੇ 39 ਸੈਕਟਰ ਤੋਂ ਇਲਾਵਾ ਤਾਜਪੁਰ ਰੋਡ ਦੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਕਰੀਬ 4.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਚ ਜਲਦ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਲਾਈਨ ਬਹੁਤ ਜਿਆਦਾ ਲੰਬੀ ਹੋਣ ਕਾਰਨ ਇਲਾਕਾ ਵਾਸੀਆਂ ਦੀਆਂ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਸ ਲਾਈਨ ਨੂੰ ਸਿੱਧਾ ਐਸਟੀਪੀ ਪਲਾਂਟ ਨਾਲ ਜੋੜਿਆ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਏ।
ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਕਰੀਬ 90 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆਂ ਸਾਬਕਾ ਸਰਕਾਰਾਂ ਦੇ ਨੁਮਾਇੰਦਿਆਂ ਨੇ ਵਿਕਾਸ ਦੇ ਨਾਂ ਤੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਵੀ ਸੂਬਾ ਵਾਸੀਆਂ ਨੂੰ ਗਰੰਟੀਆਂ ਦਿੱਤੀਆਂ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨ ਦਾ ਵਾਅਦਾ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿੱਚ ਮੁਫਤ ਬਿਜਲੀ, ਮੈਡੀਕਲ, ਐਜੂਕੇਸ਼ਨ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਾਰਡ ਨੰਬਰ 20 ਇੰਚਾਰਜ ਅੰਕੁਰ ਗੁਲਾਟੀ ਕੌਂਸਲਰ ਲਵਲੀ ਮਨੋਚਾ ਸਾਬਕਾ ਕੌਂਸਲਰ ਬਲਵਿੰਦਰ ਸ਼ਿੰਕੀ, ਲਖਵਿੰਦਰ ਸਿੰਘ ਲੱਖਾ, ਮਨਜੀਤ ਸਿੰਘ ਆਦਿ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ