
ਚੰਡੀਗੜ੍ਹ, 17 ਮਈ (ਹਿੰ.ਸ.)। ਜਲੰਧਰ ਪੁਲਿਸ ਕਮਿਸ਼ਨਰੇਟ ਨੇ ਇੱਕ ਵੱਡੀ ਸਫਲਤਾ ਵਿੱਚ ਇੱਕ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 1 ਪੀਐਕਸ5 ਪਿਸਤੌਲ, 1 ਜ਼ਿਗਾਨਾ ਪਿਸਤੌਲ, 3 ਪਿਸਤੌਲ (.30 ਬੋਰ), ਅਤੇ 3 ਪਿਸਤੌਲ (.32 ਬੋਰ) ਸ਼ਾਮਲ ਹਨ। ਇਸਦੇ ਨਾਲ ਹੀ 45 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ।
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਸਬੰਧ ਵਿਦੇਸ਼ਾਂ ਵਿਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਪੁਲਿਸ ਜਾਂਚ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਕਾਬੂ ਕੀਤੇ ਗਏ ਸਾਰੇ ਮੁਲਜ਼ਮ ਦੋ ਕਤਲ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਪੁਲਿਸ ਵੱਲੋਂ ਅੱਗੇ ਅਤੇ ਪਿੱਛੇ ਲਿੰਕੇਜ ਸਥਾਪਤ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ