
ਚੰਡੀਗੜ੍ਹ, 17 ਮਈ (ਹਿੰ.ਸ.)| ਪੰਜਾਬ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਜਾਂਚ ਦਾ ਦਾਇਰਾ ਹੋਰ ਵਧਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪਾਵਰਕਾਮ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਪਾਵਰਕਾਮ ਦੀ ਡਾਇਰੈਕਟਰ (ਕਮਰਸ਼ੀਅਲ) ਹਰਸ਼ਰਨ ਕੌਰ ਤ੍ਰੇਹਨ ਅਤੇ ਦੋ ਕਾਰੋਬਾਰੀ ਸਾਂਝੇਦਾਰ ਹੇਮੰਤ ਸੂਦ ਤੇ ਚੰਦਰਸ਼ੇਖਰ ਨੂੰ ਵੀ ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮਾਮਲਾ ਮੰਤਰੀ ਸੰਜੀਵ ਅਰੋੜਾ ਨਾਲ ਜੁੜੀ ਇੱਕ ਨਿੱਜੀ ਕੰਪਨੀ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਦੀ ਬੈਂਕ ਗਾਰੰਟੀ ਵਾਪਸ ਕਰਕੇ ਫ਼ਾਇਦਾ ਪਹੁੰਚਾਉਣ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਇਸੇ ਮਾਮਲੇ ਵਿੱਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ, ਜਿੱਥੇ ਈਡੀ ਆਪਣਾ ਜਵਾਬ ਦਾਖ਼ਲ ਕਰੇਗੀ। ਨੋਟਿਸ ਮਿਲਣ ਤੋਂ ਬਾਅਦ ਪਾਵਰਕਾਮ ਇਸ ਮਾਮਲੇ ਨਾਲ ਸਬੰਧਿਤ ਸਾਰੀਆਂ ਫਾਈਲਾਂ ਅਤੇ ਰਿਕਾਰਡ ਈਡੀ ਨੂੰ ਸੌਂਪਣ ਦੀ ਤਿਆਰੀ ਕਰ ਰਿਹਾ ਹੈ।
ਅਧਿਕਾਰੀ ਮੰਗੇ ਗਏ ਦਸਤਾਵੇਜ਼ ਜਾਂਚ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਕਰਨਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਬਸੰਤ ਗਰਗ ਨੂੰ ਪਾਵਰਕਾਮ ਦਾ ਸੀਐਮਡੀ ਨਿਯੁਕਤ ਕਰਨ ਲਈ ਨਿਯਮਾਂ ਵਿੱਚ ਸੋਧ ਕੀਤੀ ਸੀ। ਸੂਤਰਾਂ ਅਨੁਸਾਰ, ਉਹ ਮੰਤਰੀ ਸੰਜੀਵ ਅਰੋੜਾ ਦੇ ਕਰੀਬੀ ਮੰਨੇ ਜਾਂਦੇ ਹਨ। ਲੁਧਿਆਣਾ ਦੇ ਹੈਮਪਟਨ ਕੋਰਟ ਬਿਜ਼ਨਸ ਪਾਰਕ ਨਾਲ ਜੁੜੇ ਵਿਵਾਦ ਵਿੱਚ, ਸਾਲ 2023 ਦੌਰਾਨ ਜਦੋਂ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ, ਉਨ੍ਹਾਂ ਦੀ ਕੰਪਨੀ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟ੍ਰੀਜ਼ ਲਿਮਿਟੇਡ ਨੇ ਬਿਜਲੀ ਲੋਡ ਵਧਾਉਣ ਲਈ ਪਾਵਰਕਾਮ ਕੋਲ ਅਰਜ਼ੀ ਦਿੱਤੀ ਸੀ।ਭਾਵੇਂ ਸੰਜੀਵ ਅਰੋੜਾ ਦਾ ਰਿਮਾਂਡ ਦੋ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ, ਪਰ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਗਾਤਾਰ ਤਿੰਨ ਦਿਨਾਂ ਤੋਂ ਸੁਣਵਾਈ ਚੱਲ ਰਹੀ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਅਰੋੜਾ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਅਤੇ ਈਡੀ ਦੀ ਕਾਰਵਾਈ ਨੂੰ ਗਲਤ ਕਰਾਰ ਦਿੰਦੇ ਹੋਏ ਆਪਣਾ ਪੱਖ ਰੱਖਿਆ। ਦੂਜੇ ਪਾਸੇ, ਈਡੀ ਦੇ ਵਕੀਲਾਂ ਨੇ ਇਨ੍ਹਾਂ ਦਲੀਲਾਂ ਦਾ ਵਿਰੋਧ ਕੀਤਾ ਹੈ। ਸੋਮਵਾਰ ਨੂੰ ਜਾਂਚ ਏਜੰਸੀ ਵੱਲੋਂ ਆਪਣਾ ਪੱਖ ਅਦਾਲਤ ਅੱਗੇ ਰੱਖਿਆ ਜਾਵੇਗਾ। ਇਸਦੇ ਨਾਲ ਹੀ ਜੀਐਸਟੀ ਚੋਰੀ ਸਮੇਤ ਲਗੇ ਸਾਰੇ ਦੋਸ਼ਾਂ ਨੂੰ ਵੀ ਨਕਾਰਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH