ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਪਟਨਾ, 18 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖ
Cm Bhagwant Singh Mann with family at Takht Sri Patna Sahib


ਪਟਨਾ, 18 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਬਦ ਗੁਰੂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਰਿਆਂ ਦਾ ਨੈਤਿਕ ਫਰਜ਼ ਹੈ ਅਤੇ ਇਸ ਸਬੰਧੀ ਪੰਜਾਬ ਨੇ ਇਕ ਇਤਿਹਾਸਕ ਕਦਮ ਚੁੱਕਿਆ ਹੈ।

ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਨਾ-ਮੁਆਫ਼ੀਯੋਗ ਜੁਰਮ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਦੇਸ਼ ਦੇ ਹੋਰ ਸੂਬਿਆਂ ਨੂੰ ਵੀ ਅਜਿਹਾ ਹੀ ਸਖ਼ਤ ਕਾਨੂੰਨ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮਾਮਲੇ ਵਿੱਚ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਸਾਰੀ ਉਮਰ ਜੇਲ੍ਹ ਵਿੱਚ ਰਹਿਣਾ ਪੈ ਸਕਦਾ ਹੈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਿਸੇ ਵੀ ਹਰਕਤ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਆਪਣੇ ਐਕਸ ਹੈਂਡਲ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਗੁਰੂ ਸਾਹਿਬ ਅੱਗੇ ਪੰਜਾਬ ਦੀ ਖੁਸ਼ਹਾਲੀ ਅਤੇ ਸਿੱਖ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਪ੍ਰਾਪਤ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸੱਚਾਈ, ਦਇਆ ਅਤੇ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇ ਅਤੇ ਸੂਬਾ ਹਰ ਖੇਤਰ ਵਿੱਚ ਤਰੱਕੀ ਕਰੇ, ਇਸ ਲਈ ਵੀ ਉਨ੍ਹਾਂ ਅਰਦਾਸ ਕੀਤੀ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਉਨ੍ਹਾਂ ਨਾਲ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande