
ਨਾਭਾ, 18 ਮਈ (ਹਿੰ.ਸ.)| ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਵਸ ਮੌਕੇ ਨਾਭਾ ਵਿੱਚ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਵੱਲੋਂ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਇਤਿਹਾਸ ਸੂਰਵੀਰਤਾ, ਇਮਾਨਦਾਰੀ ਅਤੇ ਕੌਮੀ ਸੇਵਾ ਨਾਲ ਭਰਪੂਰ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਆਪਣੇ ਵਿਰਸੇ ਤੋਂ ਪ੍ਰੇਰਣਾ ਲੈ ਸਕਣ।
ਸਮਾਗਮ ਦੀ ਸ਼ੁਰੂਆਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਚਿੱਤਰ ਅੱਗੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਦੌਰਾਨ ਸੰਤ ਨਰਿੰਦਰ ਸਿੰਘ ਅਲਹੌਰਾਂ ਵਾਲਿਆਂ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ‘ਤੇ ਦਸਤਖ਼ਤ ਕਰਨ ਲਈ ਰਾਜਪਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਭਗਵੰਤ ਸਿੰਘ ਰਾਮਗੜ੍ਹੀਆ ਨੇ ਆਪਣੇ ਸੰਬੋਧਨ ਵਿੱਚ ਮਹਾਰਾਜਾ ਜੱਸਾ ਸਿੰਘ ਦੇ ਜੀਵਨ ਅਤੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਕੌਮ ਦਾ ਮਾਣ ਤੇ ਸ਼ਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜਾਣੂ ਕਰਵਾਈਏ।
ਅਵਤਾਰ ਸਿੰਘ ਨੰਨੜੇ ਨੇ ਸੁਝਾਅ ਦਿੱਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ “ਰਾਮਗੜ੍ਹੀਆ ਚੇਅਰ” ਸਥਾਪਤ ਕੀਤੀ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਰਾਮਗੜ੍ਹੀਆ ਇਤਿਹਾਸ ਅਤੇ ਸਭਿਆਚਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲ ਸਕੇ। ਸਮਾਗਮ ਵਿੱਚ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਮੇਤ ਕਈ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH