
ਪੰਚਕੂਲਾ, 18 ਮਈ (ਹਿੰ.ਸ.)|ਪੰਚਕੂਲਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਸੈਕਟਰ-26 ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 106 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਨੈੱਟਵਰਕ ਨਾਲ ਜੁੜੇ ਕਈ ਅਹਿਮ ਖੁਲਾਸੇ ਕੀਤੇ ਹਨ, ਜਿਸ ਦੇ ਆਧਾਰ ’ਤੇ ਉਸ ਦੇ ਇਕ ਹੋਰ ਸਾਥੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ।
ਏਸੀਪੀ ਕਰਾਈਮ ਅਰਵਿੰਦ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਮਈ ਨੂੰ ਕ੍ਰਾਈਮ ਬ੍ਰਾਂਚ ਸੈਕਟਰ-26 ਦੇ ਇੰਚਾਰਜ ਇੰਸਪੈਕਟਰ ਦਲੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਮੌਲੀ ਚੌਕੀ ਤੋਂ ਬਰਵਾਲਾ ਜਾਣ ਵਾਲੀ ਸੜਕ ’ਤੇ ਡਾਂਗਰੀ ਪੁਲ ਨੇੜੇ ਨਾਕਾਬੰਦੀ ਦੌਰਾਨ ਕਾਰਵਾਈ ਕੀਤੀ।
ਇਸ ਦੌਰਾਨ ਪੁਲਿਸ ਨੇ ਸਰਬਜੀਤ ਸਿੰਘ ਉਰਫ਼ ਸਰਬੂ ਵਾਸੀ ਜ਼ਿਲ੍ਹਾ ਮੋਹਾਲੀ (ਪੰਜਾਬ) ਨੂੰ ਯਾਮਾਹਾ ਮੋਟਰਸਾਈਕਲ ਸਮੇਤ ਸ਼ੱਕ ਦੇ ਆਧਾਰ ’ਤੇ ਰੋਕਿਆ।
ਤਲਾਸ਼ੀ ਦੌਰਾਨ ਮੁਲਜ਼ਮ ਦੀ ਜੇਬ ਵਿਚੋਂ 106 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਮੁਤਾਬਕ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿਸੇ ਗਾਹਕ ਨੂੰ ਸਪਲਾਈ ਕਰਨ ਦੀ ਉਡੀਕ ਕਰ ਰਿਹਾ ਸੀ। ਇਸ ਸਬੰਧੀ ਥਾਣਾ ਰਾਇਪੁਰ ਰਾਣੀ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਨੇ ਸਰਬਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸ ਨੇ ਆਪਣੇ ਸਾਥੀ ਗੁਰਦੀਪ ਸਿੰਘ ਉਰਫ਼ ਦਿੱਪੀ ਬਾਰੇ ਖੁਲਾਸਾ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਗੁਰਦੀਪ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਮਿਲ ਕੇ ਨਸ਼ੀਲੇ ਪਦਾਰਥਾਂ ਦੀ ਖਰੀਦ-ਫਰੋਖ਼ਤ ਦੇ ਗੈਰਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਏ ਸਨ।
ਪੁਲਿਸ ਨੇ ਦੱਸਿਆ ਕਿ ਗੁਰਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ, ਜਦਕਿ ਸਰਬਜੀਤ ਸਿੰਘ ਤੋਂ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH