
ਧੂਰੀ, 18 ਮਈ (ਹਿੰ.ਸ.)| ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀ ਜ਼ਮੀਨਦੋਜ਼ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਕਰੀਬ 3.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਇਸ ਪ੍ਰੋਜੈਕਟ ਤਹਿਤ ਲਗਭਗ 25 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਸਮੇਂ-ਸਿਰ ਅਤੇ ਸੁਚੱਜੇ ਢੰਗ ਨਾਲ ਯਕੀਨੀ ਬਣੇਗੀ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ।
ਉਨ੍ਹਾਂ ਹੋਰ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਾਣੀ ਦੀ ਬਚਤ ਹੋਵੇਗੀ ਅਤੇ ਖੇਤਾਂ ਤੱਕ ਪਾਣੀ ਦੀ ਬਰਾਬਰ ਵੰਡ ਯਕੀਨੀ ਬਣੇਗੀ।
ਜ਼ਮੀਨਦੋਜ਼ ਪਾਈਪ ਲਾਈਨ ਸਿਸਟਮ ਨਾਲ ਪਾਣੀ ਦੀ ਬਰਬਾਦੀ ਘਟੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਆਸਾਨ ਸਹੂਲਤ ਮਿਲੇਗੀ। ਉਨ੍ਹਾਂ ਦੇ ਅਨੁਸਾਰ ਪ੍ਰੋਜੈਕਟ ਪੂਰਾ ਹੋਣ ‘ਤੇ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਲਾਭ ਮਿਲੇਗਾ, ਜਿਸ ਨਾਲ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਇਲਾਕਾ ਵਾਸੀਆਂ ਨੇ ਸਰਕਾਰ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਲੰਬੇ ਸਮੇਂ ਦੀ ਵੱਡੀ ਸਹੂਲਤ ਸਾਬਤ ਹੋਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH